ਭਾਰਤ ਵੱਲੋਂ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ

ਨਵੀਂ ਦਿੱਲੀ, 22 ਨਵੰਬਰ : ਭਾਰਤ ਨੇ ਲਗਪਗ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਖਟਾਸ ਆ ਗਈ ਸੀ। ਇਸ ਤੋਂ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਵਿਚਕਾਰ ਭਾਰਤ ਨੇ 21 ਸਤੰਬਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। ਭਾਰਤ ਨੇ ਈ-ਵੀਜ਼ਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜੀ-20 ਦੀ ਵਰਚੁਅਲ ਮੀਟਿੰਗ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰਨ ਜਾ ਰਹੇ ਹਨ।ਇਸ ਮੁਲਾਕਾਤ ਤੋਂ ਪਹਿਲਾਂ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਨੂੰ ਦੋਵਾਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ਨੂੰ ਮੁੜ ਲੀਹ 'ਤੇ ਲਿਆਉਣ ਦੀ ਦਿਸ਼ਾ 'ਚ ਇਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੂਨ ਵਿੱਚ ਕੈਨੇਡੀਅਨ ਨਾਗਰਿਕ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ।ਭਾਰਤ ਸਰਕਾਰ ਨੇ ਇਸ ਦਾ ਪੁਰਜ਼ੋਰ ਖੰਡਨ ਕੀਤਾ ਅਤੇ ਦੋਸ਼ਾਂ ਨੂੰ ਬੇਤੁਕਾ, ਮਨਘੜਤ ਅਤੇ ਬਿਨਾਂ ਕਿਸੇ ਸਬੂਤ ਦੇ ਦੱਸਿਆ।ਨਵੀਂ ਦਿੱਲੀ ਨੇ ਇਸ ਸਬੰਧ ਵਿੱਚ ਆਪਣੇ ਦਾਅਵਿਆਂ ਦੇ ਸਮਰਥਨ ਵਿੱਚ ਓਟਵਾ ਨੂੰ ਸਬੂਤ ਸਾਂਝੇ ਕਰਨ ਦੀ ਮੰਗ ਵੀ ਕੀਤੀ ਹੈ, ਪਰ ਹੁਣ ਤੱਕ ਓਟਵਾ ਕੋਈ ਵੀ ਸਬੂਤ ਦੇਣ ਵਿੱਚ ਅਸਫਲ ਰਿਹਾ ਹੈ।