ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਪਟਨਾ ਸਾਹਿਬ, 18 ਅਕਤੂਬਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਗੁਰੂ ਜੀ ਦੀ ਬਖਸਿਸ ਸਿਰੋਪਾ ਭੇਟ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ ਦੇ ਦਰਸ਼ਨ ਕਰਵਾਏ। ਦ੍ਰੋਪਦੀ ਮੁਰਮੂ ਨੇ ਤਖ਼ਤ ਸਾਹਿਬ ਵਿਖੇ ਭਾਈ ਕਵਿੰਦਰ ਸਿੰਘ ਦੇ ਜੱਥੇ ਵੱਲੋਂ ਗਾਇਨ ਕੀਤੇ ਜਾ ਰਹੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਤਖ਼ਤ ਪਟਨਾ ਸਾਹਿਬ ਪਹੁੰਚਣ ਤੇ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ,ਜਨਰਲ ਸਕੱਤਰ ਇੰਦਰਜੀਤ ਸਿੰਘ,ਲਖਵਿੰਦਰ ਸਿੰਘ,ਗੁਰਵਿੰਦਰ ਸਿੰਘ,ਹਰਬੰਸ ਸਿੰਘ ਅਤੇ ਰਾਜਾ ਸਿੰਘ ਸਣੇ ਹੋਰ ਮੈਂਬਰਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵਿਸ਼ੇਸ਼ ਸਨਮਾਨ ਕੀਤਾ । ਇਸ ਦੌਰਾਨ ਉਨ੍ਹਾਂ ਦੀ ਆਮਦ ਤੇ ਸੁਰੱਖਿਆ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ।