ਮਨੀਪੁਰ 'ਚ ਨਗਨ ਪਰੇਡ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੋ ਨੂੰ ਕੀਤਾ ਕਾਬੂ

ਮਣੀਪੁਰ, 20 ਜੁਲਾਈ : ਮਣੀਪੁਰ ਵਿਚ ਦੋ ਔਰਤਾਂ ਤੋਂ ਨਗਨ ਹਾਲਤ ਵਿਚ ਪਰੇਡ ਕਰਵਾਉਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਕਿਹਾ ਕਿ ਇਹ ਮਨੁੱਖਤਾ ਵਿਰੁੱਧ ਅਪਰਾਧ ਹੈ। ਅਸੀਂ ਵੀਡੀਓ ਦੇਖ ਕੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਇੱਕ ਮੁਲਜ਼ਮ ਨੂੰ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ, ਹੁਣ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਇਹ ਵੀਡੀਓ ਸਾਡੇ ਧਿਆਨ ਵਿਚ ਆਇਆ, ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ। ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ 'ਚ ਸ਼ਾਮਲ ਹੋਰ ਲੋਕਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ ਅਤੇ ਮੌਤ ਦੀ ਸਜ਼ਾ ਦਿਵਾਉਣ ਦੀ ਵੀ ਕੋਸ਼ਿਸ਼ ਕਰਨਗੇ।  ਇਸ ਮਾਮਲੇ 'ਤੇ ਮਣੀਪੁਰ ਦੀ ਰਾਜਪਾਲ ਅਨੁਸੂਈਆ ਉਈਕੇ ਨੇ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ। ਮੈਂ ਡੀਜੀਪੀ ਨੂੰ ਫੋਨ ਕਰਕੇ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਮੈਂ ਉਸ ਨੂੰ ਪੁੱਛਿਆ ਕਿ ਜਿਸ ਥਾਣੇ ਵਿਚ ਐਫਆਈਆਰ ਦਰਜ ਕੀਤੀ ਗਈ ਸੀ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜੇਕਰ ਪੁਲਿਸ ਕਰਮਚਾਰੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।  .

ਅੱਜ ਮੇਰਾ ਦਿਲ ਦਰਦ ਤੇ ਗੁੱਸੇ ਨਾਲ ਭਰਿਆ ਹੋਇਆ ਹੈ : ਪੀਐੱਮ ਮੋਦੀ
ਪੀਐੱਮ ਮੋਦੀ ਨੇ ਮਣੀਪੁਰ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਮੇਰਾ ਦਿਲ ਦਰਦ ਤੇ ਗੁੱਸੇ ਨਾਲ ਭਰਿਆ ਹੋਇਆ ਹੈ। ਮਣੀਪੁਰ ਦੀ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਪਾਪੀ ਕਿੰਨੇ ਹਨ ਅਤੇ ਕੌਣ ਹਨ, ਇਹ ਆਪਣੀ ਥਾਂ ਹੈ। ਉਨ੍ਹਾਂ ਕਿਹਾ ਕਿ ਇਹ ਅਪਮਾਨ ਪੂਰੇ ਦੇਸ਼ ਦਾ ਹੋ ਰਿਹਾ ਹੈ। 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਗਿਆ ਹੈ । ਮੈਂ ਸਾਰੇ ਮੁੱਖ ਮੰਤਰੀਆਂ ਨੂੰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕਰਦਾ ਹਾਂ । ਮਾਵਾਂ-ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ । ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਭਾਰਤ ਦੇ ਕਿਸੇ ਵੀ ਕੋਨੇ ਵਿੱਚ ਜਾਂ ਕਿਸੇ ਵੀ ਰਾਜ ਸਰਕਾਰ ਵਿੱਚ ਸਿਆਸੀ ਬਹਿਸ ਤੋਂ ਉੱਪਰ ਉੱਠ ਕੇ ਕਾਨੂੰਨ ਵਿਵਸਥਾ ਅਤੇ ਭੈਣਾਂ ਦੀ ਇੱਜ਼ਤ ਨੂੰ ਪਹਿਲ ਦਿੱਤੀ ਜਾਂਦੀ ਹੈ । ਇਸ ਘਟਨਾ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਣੀਪੁਰ ਦੀਆਂ ਧੀਆਂ ਨਾਲ ਜੋ ਹੋਇਆ ਉਹ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਦੱਸ ਦੇਈਏ ਕਿ ਮਣੀਪੁਰ ਵਿੱਚ ਭੀੜ ਵੱਲੋਂ ਦੋ ਮਹਿਲਾਵਾਂ ਨੂੰ ਬਿਨ੍ਹਾਂ ਕੱਪੜਿਆਂ ਤੋਂ ਸੜਕ ‘ਤੇ ਘੁਮਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ 4 ਮਈ ਦਾ ਹੈ। ਇਹ ਘਟਨਾ ਰਾਜਧਾਨੀ ਇੰਫਾਲ ਤੋਂ ਲਗਭਗ 35 ਕਿਲੋਮੀਟਰ ਦੂਰ ਕੰਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ । ਇਸ ਦੀ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

01

 

ਮੁੱਖ ਮੰਤਰੀ ਭਗਵੰਤ ਮਾਨ ਨੇ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ। ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।