ਪੰਜਾਬ ਵਿਚ ਬਦਲ ਸਕਦਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਨਵੀਂ ਦਿੱਲੀ, 17 ਜੂਨ, 2024 : ਮੌਸਮ ਵਿਭਾਗ ਮੁਤਾਬਕ 18 ਜੂਨ ਸ਼ਾਮ ਨੂੰ ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਵਿਭਾਗ ਨੇ ਕਈ ਥਾਵਾਂ ’ਤੇ ਹਨੇਰੀ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ 19 ਅਤੇ 20 ਜੂਨ ਨੂੰ ਵੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਧਰ, ਗੁਜਰਾਤ ਦੇ ਪੋਰਬੰਦਰ ਸ਼ਹਿਰ ਦੇ ਹਿੱਸਿਆਂ ’ਚ ਭਾਰੀ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਪੱਛਮੀ ਬੰਗਾਲ ਅਤੇ ਸਿੱਕਮ ’ਚ 17 ਤੋਂ 20 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ’ਚ ਵੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 4-5 ਦਿਨਾਂ ਵਿੱਚ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ ਅਤੇ ਮੇਘਾਲਿਆ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। 18 ਅਤੇ 19 ਜੂਨ ਨੂੰ ਓਡੀਸ਼ਾ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਚਾਰ ਦਿਨਾਂ ‘ਚ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਗੰਗਾ ਮੈਦਾਨਾਂ ‘ਚ ‘ਹਲਕੀ ਤੋਂ ਦਰਮਿਆਨੀ ਬਾਰਿਸ਼’ ਹੋ ਸਕਦੀ ਹੈ। ਸਕਾਈਮੈਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਵਿਦਰਭ, ਮਰਾਠਵਾੜਾ, ਤੇਲੰਗਾਨਾ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮੱਧ ਪ੍ਰਦੇਸ਼, ਉੜੀਸਾ, ਦੱਖਣ ਅਤੇ ਪੂਰਬੀ ਗੁਜਰਾਤ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਕੇਰਲ, ਲਕਸ਼ਦੀਪ, ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਹੀਟ ਵੇਵ ਦੀ ਸਥਿਤੀ ਬਣੀ ਰਹੇਗੀ। ਵੱਧ ਤੋਂ ਵੱਧ ਤਾਪਮਾਨ 45 ਅਤੇ ਘੱਟੋ-ਘੱਟ 33 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ ਵੀ 35 ਤੋਂ 45 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਰਹਿ ਸਕਦੀ ਹੈ। ਸੋਮਵਾਰ ਨੂੰ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਯੈਲੋ ਹੀਟ ਵੇਵ ਅਲਰਟ ਜਾਰੀ ਹੈ।