ਸੁਪਰੀਮ ਕੋਰਟ ਵੱਲੋਂ ਰਾਹਤ ਤੋਂ ਇਨਕਾਰ ਦੇ ਬਾਅਦ ਨਵਜੋਤ ਸਿੱਧੂ ਦਾ ਜੇਲ੍ਹ ਜਾਣਾ ਤੈਅ

ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ 'ਚ ਸਿਰੰਡਰ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।

ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ 'ਤੇ ਜਸਟਿਸ ਏਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ ਸਿਰੰਡਰ ਕਰਨ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ। ਜੇਕਰ ਸਿੱਧੂ ਦੀ ਅਰਜ਼ੀ 'ਤੇ ਅੱਜ ਸੁਣਵਾਈ ਨਾ ਹੋਈ ਤਾਂ ਉਨ੍ਹਾਂ ਨੂੰ 10 ਜੁਲਾਈ ਤੱਕ ਰਾਹਤ ਨਹੀਂ ਮਿਲੇਗੀ ਕਿਉਂਕਿ ਅਦਾਲਤ ਵਿੱਚ 23 ਮਈ ਤੋਂ 10 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹਨ। ਇਸ ਦੌਰਾਨ ਸਿਰਫ਼ ਜ਼ਰੂਰੀ ਮਾਮਲੇ ਦੀ ਸੁਣਵਾਈ ਹੁੰਦੀ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਦੇਣ ਦਾ ਆਦੇਸ਼ ਸਭ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚੇਗਾ। ਉਥੋਂ ਉਨ੍ਹਾਂ ਨੂੰ ਪਟਿਆਲਾ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਭੇਜਿਆ ਜਾਵੇਗਾ। ਜੇਕਰ ਸਿੱਧੂ ਖੁਦ  ਸਿਰੰਡਰ ਕਰਦੇ ਹਨ ਤਾਂ ਠੀਕ ਹੈ, ਨਹੀਂ ਤਾਂ ਸਬੰਧਤ ਥਾਣੇ ਨੂੰ ਉਸਨੂੰ ਗ੍ਰਿਫਤਾਰ ਕਰਨ ਲਈ ਕਿਹਾ ਜਾਵੇਗਾ।