ਮਨਪ੍ਰੀਤ ਬਾਦਲ ਦੇ ਪਾਰਟੀ ਛੱਡਣ ’ਤੇ ਪ੍ਰਧਾਨ ਰਾਜਾ ਵੜਿੰਗ ਨੇ ਕੱਢੀ ਭੜਾਸ

ਚੰਡੀਗੜ੍ਹ 18 ਜਨਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਟਵੀਟ ਕਰਕੇ ਆਪਣੀ ਭੜਾਸ ਕੱਢੀ। ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਕਿ ਇਹ ਚੰਗਾ ਹੋਇਆ ਕਿ ਉਨ੍ਹਾਂ ਨੂੰ ਛੁਟਕਾਰਾ ਮਿਲਿਆ। ਉਨ੍ਹਾਂ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਮਨਪ੍ਰੀਤ ਬਾਦਲ ਸੱਤਾ ਦਾ ਭੁੱਖਾ ਹੈ। ਜਦੋਂ ਉਹ ਕਾਂਗਰਸ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਨੂੰ ਪਤਾ ਸੀ ਕਿ ਪਾਰਟੀ ਜਿੱਤ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮਨਪ੍ਰੀਤ ਬਾਦਲ ਲਈ 5 ਸਾਲ ਸੱਤਾ ਤੋਂ ਬਾਹਰ ਰਹਿਣਾ ਬਹੁਤ ਔਖਾ ਸੀ। ਉਨਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਕਾਂਗਰਸ ਨਾਲ ਧੋਖਾ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਭਾਜਪਾ ਦਾ ਪੱਲਾ ਫੜ ਲਿਆ ਹੈ। ਮਨਪ੍ਰੀਤ ਬਾਦਲ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਸ ਅਸਤੀਫ਼ੇ ਵਿਚ ਮਨਪ੍ਰੀਤ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪਾਰਟੀ ਅਤੇ ਪੰਜਾਬ ਦੀ ਜਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਇਕਜੁੱਟ ਕਰਨ ਦੀ ਬਜਾਏ ਤੋੜਿਆ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਅਸਤੀਫਾ ਦੇਣ ਸਮੇਂ ਉਹ ਬਹੁਤ ਉਦਾਸ ਸਨ।