ਰਾਹਤ ਕਾਰਜਾਂ ਵਿੱਚ ਤੇਜ਼ੀ, 22 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ : ਮੁੱਖ ਮੰਤਰੀ ਮਾਨ

  • ਮੁੱਖ ਮੰਤਰੀ ਮਾਨ ਸਮੇਤ ਕਈ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
  • ਕੁਝ ਇਲਾਕਿਆਂ ‘ਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ ਘਟਾਈ
  • ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਰਗਰਮ
  • ਪਸ਼ੂ ਪਾਲਣ ਵਿਭਾਗ ਵੱਲੋਂ 7200 ਤੋਂ ਜ਼ਿਆਦਾ ਪਸ਼ੂਆਂ ਦਾ ਟੀਕਾਕਰਨ
  • ਵਿਧਾਇਕ ਗੁਰਪ੍ਰੀਤ ਸਿੰਘ ਨੇ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਫੰਡ ਲਈ ਦਿੱਤੀ

ਚੰਡੀਗੜ੍ਹ, 14 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਅੱਜ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿੱਥੇ ਮੋਹਾਲੀ ਜ਼ਿਲ੍ਹੇ ਦੇ ਇਕ ਦਰਜਨ ਦੇ ਕਰੀਬ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਉਥੇ ਹੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਡੇਰਾ ਬੱਸੀ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਪਾਤੜਾਂ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲੋਕਾਂ ਦੀ ਨਿੱਠ ਕੇ ਸੇਵਾ ਕਰ ਰਹੇ ਹਨ ਅਤੇ ਸੁਨਾਮ ਇਲਾਕੇ ਵਿਚ ਅੱਜ ਮੰਤਰੀ ਅਮਨ ਅਰੋੜਾ ਨੇ ਦੌਰਾ ਕੀਤਾ। ਇਸ ਤੋਂ ਇਲਾਵਾ ਬਾਕੀ ਮੰਤਰੀ ਅਤੇ ਵਿਧਾਇਕ ਵੀ ਆਪੋ ਆਪਣੇ ਇਲਾਕਿਆਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਦੌਰਾਨ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਇਸ ਨੂੰ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਵਰਤਿਆ ਜਾ ਸਕੇ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। 22764 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਕੁਝ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 183 ਤੋਂ ਘਟਾ ਕੇ 161 ਕਰ ਦਿੱਤੀ ਗਈ ਹੈ। ਇਕ ਬੁਲਾਰੇ ਨੇ ਦੱਸਿਆ ਕਿ 14 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ 315 ਤੋਂ ਵਧਾ ਕੇ 409 ਕਰ ਦਿੱਤੀ ਹੈ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵੀ 186 ਤੋਂ ਵਧਾ ਕੇ 252 ਕਰ ਦਿੱਤੀ ਗਈ ਹੈ। ਹੁਣ ਤੱਕ ਕੁੱਲ ਓਪੀਡੀ 9204 ‘ਤੇ ਪੁੱਜ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਨੇ ਦੱਸਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 1730 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 7255 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (37000) ਅਤੇ ਰੂਪਨਗਰ (18930) ਵਿਚ ਹੀ 57 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ।