ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਪੁਲਿਸ ਵੱਲੋਂ ਅੱਜ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਤੇ ਇੰਟੈਲੀਜੈਂਸ ਪੁਲਿਸ ਵੱਲੋਂ ਸਾਂਝਾ ਅਪ੍ਰੇਸ਼ਨ ਚਲਾਇਆ ਗਿਆ ਸੀ। ਵਾਰਿਸ ਪੰਜਾਬ ਦੇ ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਦੇਸ਼ ਭਰ ਵਿੱਚ ਵੱਖ ਵੱਖ ਏਜੰਸੀਆਂ ਕੰਮ ਕਰ ਰਹੀਆਂ ਸਨ। ਅੰਮ੍ਰਿਤਪਾਲ ਤੇ ਐਨਐਸਏ ਲਗਾਇਆ ਗਿਆ ਹੈ। ਜਥੇਦਾਰ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤੀਂ ਇੱਥੇ ਪਹੁੰਚ ਗਏ ਸਨ। ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਵੈ ਇੱਛਾ ਨਾਲ ਉਨ੍ਹਾਂ ਗ੍ਰਿਫਤਾਰੀ ਦਿੱਤੀ ਹੈ। ਅੱਜ ਸਵੇਰੇ 7 ਵਜੇ ਉਨ੍ਹਾਂ ਆਪਣੀ ਗ੍ਰਿਫਤਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਹੈ।
ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪੁਸ਼ਟੀ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਵੀ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ, ‘ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਅਤੇ ਸਾਂਝਾ ਕਰੋ।
ਜਿਸ ਸਥਾਨ ਤੋਂ ਮੇਰੀ ਦਸਤਾਰਬੰਦੀ ਹੋਈ ਸੀ, ਉਸੇ ਸਥਾਨ ਉਤੇ ਦੇ ਰਿਹਾ ਹਾਂ ਗ੍ਰਿਫਤਾਰੀ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਵਿਚ ਗ੍ਰਿਫਤਾਰੀ ਦੇ ਦਿੱਤੀ ਹੈ। ਗ੍ਰਿਫਤਾਰੀ ਦੇਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਸਥਾਨ ਉਤੇ ਮੇਰੀ ਦਸਤਾਰਬੰਦੀ ਹੋਈ ਸੀ, ਅੱਜ ਉਸੇ ਸਥਾਨ ਤੋਂ ਹੀ ਗ੍ਰਿਫਤਾਰੀ ਦੇ ਰਿਹਾ ਹਾਂ। ਉਨ੍ਹਾਂ ਕਿਹਾ ਕਿ ਹਕੂਮਤ ਵੱਲੋਂ ਜੋ ਜ਼ੁਰਮ ਢਾਹਿਆ ਗਿਆ ਹੈ, ਉਹ ਦੁਨੀਆ ਦੇਖ ਰਹੀ ਹੈ। ਹੁਣ ਇਕ ਮਹੀਨੇ ਬਆਦ ਅਸੀਂ ਗ੍ਰਿਫਤਾਰੀ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਝੂਠੇ ਕੇਸ਼ਾਂ ਦਾ ਸਾਹਮਣਾ ਅਦਾਲਤ ਵਿੱਚ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਅਰਦਾਸ਼ਾਂ ਨਾਲ ਹੀ ਸੰਭਵ ਹੈ। ਉਹਨਾਂ ਕਿਹਾ ਕਿ ਗ੍ਰਿਫ਼ਤਾਰੀ ਉਹ ਪਹਿਲਾਂ ਵੀ ਦੇ ਸਕਦੇ ਸਨ ਪਰ ਫਿਰ ਸਰਕਾਰ ਦਾ ਜਾਬਰ ਚਿਹਰਾ ਸੰਸਾਰ ਸਾਹਮਣੇ ਨੰਗਾ ਨਹੀਂ ਸੀ ਹੋਣਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।
ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਕੀਤਾ ਗ੍ਰਿਫਤਾਰ : ਆਈਜੀਪੀ ਗਿੱਲ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਆਈਜੀਪੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਆਈਪੀਐਸ ਵੱਲੋਂ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਤੇ ਇੰਟੈਲੀਜੈਂਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ 6.45 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ ਪਿੰਡ ਰੋਡੇ ਹੋਣ ਦੇ ਇਨਪੁਟ ਮਿਲੇ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਪਿੰਡ ਨੂੰ ਚਾਰ ਚੁਫੇਰੇ ਤੋਂ ਘੇਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਪਾਲ ਨੂੰ ਵੀ ਸੁਨੇਹਾ ਮਿਲ ਗਿਆ ਸੀ ਕਿ ਚਾਰੇ ਪਾਸੇ ਤੋਂ ਘਿਰ ਗਿਆ ਹੈ, ਹੁਣ ਬਚਕੇ ਨਿਕਲਣਾ ਮੁਸ਼ਕਿਲ ਹੈ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਉਤੇ ਐਨਐਸਏ ਲਗਾਇਆ ਗਿਆ ਹੈ, ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਹੋਰ ਜਾਣਕਾਰੀ ਹੋਵੇਗੀ ਤਾਂ ਉਹ ਬਾਅਦ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਸੁਨੇਹਾ ਪਹੁੰਚਿਆ ਸੀ ਕਿ ਅੰਮ੍ਰਿਤਪਾਲ ਸਿੰਘ ਉਨ੍ਹਾਂ ਦੇ ਪਿੰਡ ਵਿੱਚ ਆਤਮ ਸਮਰਪਣ ਕਰਨਾ ਚਾਹੁੰਦਾ ਹੈ : ਜਸਬੀਰ ਸਿੰਘ ਰੋਡੇ
‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ 36 ਦਿਨਾਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅੱਜ ਐਤਵਾਰ ਸਵੇਰੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਗ੍ਰਿਫਤਾਰੀ ਦੀ ਕਹਾਣੀ ਸ਼ਨੀਵਾਰ ਦੇਰ ਰਾਤ ਉਸ ਸਮੇਂ ਸ਼ੁਰੂ ਹੋਈ ਜਦੋਂ ਪਿੰਡ ਰੋਡੇ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਜਸਬੀਰ ਸਿੰਘ ਰੋਡੇ ਨੂੰ ਸੁਨੇਹਾ ਪਹੁੰਚਿਆ ਕਿ ਅੰਮ੍ਰਿਤਪਾਲ ਸਿੰਘ ਉਨ੍ਹਾਂ ਦੇ ਪਿੰਡ ਵਿੱਚ ਆਤਮ ਸਮਰਪਣ ਕਰਨਾ ਚਾਹੁੰਦਾ ਹੈ। ਜਸਬੀਰ ਸਿੰਘ ਨੇ ਦੱਸਿਆ ਕਿ ਉਸ ਨੂੰ ਪੁਲੀਸ ਵੱਲੋਂ ਸੁਨੇਹਾ ਮਿਲਿਆ ਕਿ ਅੰਮ੍ਰਿਤਪਾਲ ਤੁਹਾਡੇ ਪਿੰਡ ‘ਚ ਗ੍ਰਿਫ਼ਤਾਰੀ ਦੇਣੀ ਚਾਹੁੰਦਾ ਹੈ। ਅੰਮ੍ਰਿਤਪਾਲ ਉਨ੍ਹਾਂ ਕੋਲ ਆਇਆ ਅਤੇ ਉਸ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰੇਗਾ ਅਤੇ ਜਾਣਕਾਰੀ ਦੇਵੇਗਾ ਕਿ ਉਹ ਪਿਛਲੇ ਇਕ ਮਹੀਨੇ ਤੋਂ ਕਿੱਥੇ ਸੀ। ਅੰਮ੍ਰਿਤਪਾਲ ਨੇ ਕਿਹਾ ਕਿ ਉਹ ਖੁਦ ਸੰਗਤ ਨੂੰ ਦੱਸੇਗਾ ਕਿ ਹੁਣ ਤੱਕ ਗ੍ਰਿਫਤਾਰੀ ਨਾ ਦੇਣ ਪਿੱਛੇ ਕੀ ਕਾਰਨ ਸੀ।ਇਸ ਤੋਂ ਬਾਅਦ ਸਵੇਰੇ ਉਸ ਨੇ ਆਪਣੀ ਕਿੱਟ ਤਿਆਰ ਕੀਤੀ।ਚੋਲ਼ਾ ਬਦਲਿਆ, ਚੱਪਲਾਂ ਪਾਈਆਂ। ਇਸ ਤੋਂ ਬਾਅਦ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ। ਫਿਰ ਸੰਗਤ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਸਹਿਯੋਗ ਦੇਣ ਵਾਲੀ ਸੰਗਤ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਨੇ ਦੱਸਿਆ ਕਿ ਗ੍ਰਿਫਤਾਰੀ ਕਿਸੇ ਵੇਲੇ ਵੀ ਹੋ ਸਕਦੀ ਸੀ। ਇਸ ਤੋਂ ਬਾਅਦ ਠੀਕ ਸੱਤ ਵਜੇ ਅੰਮ੍ਰਿਤਪਾਲ ਬਾਹਰ ਆਇਆ ਅਤੇ ਗ੍ਰਿਫਤਾਰੀ ਦਿੱਤੀ। ਜਸਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਆਪਣੀ ਮਰਜ਼ੀ ਨਾਲ ਗ੍ਰਿਫਤਾਰੀ ਦਿੱਤੀ ਹੈ। ਜਦੋਂ ਪੁੱਛਿਆ ਗਿਆ ਕਿ ਪੁਲਿਸ ਨੂੰ ਕਿਵੇਂ ਪਤਾ ਲੱਗਾ ਤਾਂ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸ਼ਾਇਦ ਅੰਮ੍ਰਿਤਪਾਲ ਨੇ ਹੀ ਦੱਸਿਆ ਹੋਵੇਗਾ।ਅਸੀਂ ਪੁਲਿਸ ਨੂੰ ਨਹੀਂ ਦੱਸਿਆ।