ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ 

ਚੰਡੀਗੜ੍ਹ, 26 ਫਰਵਰੀ : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਵੇਗੀ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ‘ਚ ਬਦਲਾਅ ਹੋ ਸਕਦਾ ਹੈ, ਜਿੱਥੇ ਅੱਜ ਕਈ ਥਾਵਾਂ ‘ਤੇ ਬੱਦਲ ਛਾਏ ਹੋਏ ਹਨ, ਉਥੇ ਹੀ ਮਾਰਚ ਦੇ ਸ਼ੁਰੂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ: ਕੁਲਵਿੰਦਰ ਕੌਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 2 ਮਾਰਚ ਤੋਂ ਬਾਅਦ ਪੰਜਾਬ ਦੇ ਲਗਭਗ ਸਾਰੇ ਹਿੱਸਿਆਂ ਵਿੱਚ ਹਲਕੀ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਵੱਲ ਵੀ ਧਿਆਨ ਦੇਣਾ ਪਵੇਗਾ। ਇਸ ਸਮੇਂ ਹਵਾ ਦੀ ਰਫ਼ਤਾਰ ਵੀ ਆਮ ਨਾਲੋਂ ਵੱਧ ਹੈ ਜਿਸ ਕਾਰਨ ਪੱਕੀ ਕਣਕ ਦਾ ਨੁਕਸਾਨ ਹੋ ਸਕਦਾ ਹੈ।