ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਉਨ੍ਹਾਂ ਦੇ ਸਾਥੀਆਂ ਨੂੰ ਧਮਕੀ ਦਿੱਤੀ ਹੈ : ਪ੍ਰਤਾਪ ਸਿੰਘ ਬਾਜਵਾ   

ਚੰਡੀਗੜ੍ਹ, 06 ਮਾਰਚ :  ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਵੱਈਏ ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਤੇ ਮੁੱਖ ਮੰਤਰੀ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸਦਨ ਵਿੱਚ ਆ ਕੇ ਮੁਆਫੀ ਮੰਗਣੀ ਚਾਹੀਦੀ ਹੈ।ਬਾਜਵਾ ਨੇ ਰਾਜਪਾਲ ਨੂੰ ਪੰਜਾਬ ਦੇ ਵਿਗੜ ਰਹੇ ਹਲਾਤਾਂ ਸਬੰਧੀ ਗੱਲ  ਕਰਨ ਲਈ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਉਨ੍ਹਾਂ ਦੇ ਸਾਥੀਆਂ ਨੂੰ ਧਮਕੀ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਅਗਰ ਆਉਣ ਵਾਲੇ ਸਮੇਂ ਵਿਚ ਕਿਸੇ ਨੂੰ ਕੁਝ ਹੋਇਆ ਜਾਂ ਕਿਸੇ ਨੂੰ ਗੋਲੀ ਮਾਰੀ ਗਈ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖਿਲਾਫ਼ ਸਿੱਧੀ ਐਫ.ਆਈ.ਆਰ. ਹੋਵੇਗੀ। ਉਨ੍ਹਾਂ ਸੀ.ਐਮ. ਮਾਨ ਦੇ ਰਵੱਈਏ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਦਨ ਦੇ ਮੈਂਬਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਦਨ ਦੀ ਕਾਰਵਾਈ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ ਇਸ ਦਾ ਫੈਸਲਾ 7 ਮਾਰਚ ਨੂੰ ਹੋਵੇਗਾ। ਬਾਜਵਾ ਨੇ ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਇਹ ਗੱਲ ਕਹੀ। ਬਾਜਵਾ ਨੇ ਕਿਹਾ ਕਿ ਸੀਐਮ ਮਾਨ ਨੇ ਸਿੱਧੇ ਤੌਰ 'ਤੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ ਫੜ ਕੇ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਕੋਈ ਡਰ ਨਹੀਂ ਹੈ। ਪਰ ਸਦਨ ਵਿਚ ਸਾਥੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਨਾ ਕੋਈ ਤਰੀਕਾ ਨਹੀਂ ਹੈ। ਮੁੱਖ ਮੰਤਰੀ ਮਾਨ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਕਹਿ ਕੇ ਪਿੱਛੇ ਹਟਣ ਦਾ ਕੋਈ ਰਾਹ ਨਹੀਂ ਹੈ ਕਿ ਜਦੋਂ ਮਰਜ਼ੀ ਗੱਲਬਾਤ ਕਰਕੇ ਸਦਨ ਦੀ ਕਾਰਵਾਈ ਜਾਰੀ ਰਹੇਗੀ।