ਮੁੱਖ ਮੰਤਰੀ ਮਾਨ ਦਾ ਸਪੱਸ਼ਟੀਕਰਨ, ਸਿੱਧੂ ਮੂਸੇਵਾਲਾ ਕੇਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾ ਰਹੀ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਹ ਬਹੁਤ ਸੰਗੀਨ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸ਼ੂਟਰ ਤੇ ਮਾਸਟਰਮਾਈਂਡ ਸਾਰੇ ਫੜ ਲਏ ਗਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ ਬੈਠੇ ਗੈਂਗਸਟਰ ਤੇ ਮੁਲਜ਼ਮਾਂ ਨੂੰ ਇੱਥੇ ਲਿਆਉਣ ਦੀ ਵੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਭਾਰਤ ਬੁਲਾਇਆ ਜਾਏ । ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ 25 ਨਵੰਬਰ ਤੋਂ ਬਾਅਦ ਮੈਂ ਸਰਕਾਰ ਦਾ ਖਹਿੜਾ ਛੱਡ ਦਿਆਂਗਾ। ਮੈਂ ਆਪਣੀ FIR ਵੀ ਵਾਪਸ ਲੈ ਲਵਾਂਗਾ। ਮੈਂ ਆਪਣੇ ਪੁੱਤ ਨੂੰ ਬਹੁਤ ਸ਼ੌਂਕ ਨਾਲ ਪਾਲਿਆ ਸੀ । ਮੈਂ ਵੀ ਦੇਖਣਾ ਚਾਹੁੰਦਾ ਹਾਂ ਕਿ ਜਦੋਂ ਉਸ ਦੇ ਗੋਲੀਆਂ ਵੱਜੀਆਂ ਸੀ ਤਾਂ ਕਿੰਨੀ ਕੁ ਤਕਲੀਫ ਹੋਈ ਸੀ । ਉਨ੍ਹਾਂ ਕਿਹਾ ਕਿ ਮੈਂ ਜਸਟਿਸ ਲੈਣ ਤੋਂ ਪਿੱਛੇ ਨਹੀਂ ਹਟਾਂਗਾ।