ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਇੱਥੇ ਪੀਐਸਆਈਈਸੀ ਦੇ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਉਹ ਉਮੀਦਾਂ ਤੇ ਖਰ੍ਹੇ ਉਤਰਨਗੇ ਅਤੇ ਪਾਰਟੀ ਦੀ ਲੋਕਾਂ ਨਾਲ ਕੀਤੀ ਹਰ ਵਚਨਬੱਧਤਾ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ “ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਵਾਂਗਾ।'' ਇਸ ਮੌਕੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਸ੍ਰੀ ਢਿੱਲੋਂ ਦੀ ਨਿਯੁਕਤੀ ਇਸੇ ਤਹਿਤ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਰਿੰਦਰ ਕੌਰ ਭਰਾਜ, ਅਮੋਲਕ ਸਿੰਘ, ਕੁਲਵੰਤ ਸਿੰਘ ਪੰਡੋਰੀ, ਗੁਰਦਿੱਤ ਸਿੰਘ ਸੇਖੋਂ, ਪੀ.ਐਸ.ਆਈ.ਈ.ਸੀ ਦੇ ਐਮ.ਡੀ. ਕੁਮਾਰ ਅਮਿਤ, ਪੀ.ਐਸ.ਆਈ.ਈ.ਸੀ.ਦੇ ਏ.ਐਮ.ਡੀ. ਰੁਬਿੰਦਰਜੀਤ ਸਿੰਘ ਬਰਾੜ, ਜੇ.ਐਸ. ਰੰਧਾਵਾ ਅਤੇ ਦਵਿੰਦਰਪਾਲ ਸਿੰਘ (ਦੋਵੇਂ ਸੀ.ਜੀ.ਐਮ.), ਚੀਫ ਇੰਜੀਨੀਅਰ ਪਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।