- ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਸਿੱਖ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ
- ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਚ ਸਿੱਖ ਨੌਜਵਾਨ ਵੱਲੋਂ ਬੇਅਦਬੀ
ਮੋਰਿੰਡਾ, 24 ਅਪ੍ਰੈਲ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਉਸ ਨੇ ਤਾਬਿਆ ’ਤੇ ਬੈਠੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲਹਿ ਗਈ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦੇ ਵੀਡੀਓ ਵਾਇਰਲ ਹੋ ਰਹੇ ਹਨ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਆਉਂਦਾ ਹੈ ਅਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨੂੰ ਕੁੱਟਣਾ ਸ਼ੁਰੂ ਕਰ ਦਿੰਦਾ ਹੈ। ਬੇਅਦਬੀ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਦੀ ਲਹਿਰ ਹੈ। ਇਸ ਸਮੇਂ ਗੁਰਦੁਆਰਾ ਸਾਹਿਬ ਵਿਚ ਸੰਗਤ ਵੀ ਮੌਜੂਦ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਦੀ ਪੁਲਿਸ ਮੌਕੇ ’ਤੇ ਪਹੁੰਚੀ। ਸੰਗਤ ਨੇ ਮੁਲਜ਼ਮ ਨੂੰ ਫੜ ਕੇ ਉਸ ਦੀ ਕੁੱਟਮਾਰ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਮੋਰਿੰਡਾ 'ਚ ਸੜਕ ਉਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਮੋਰਿੰਡਾ 'ਚ ਸਥਿਤੀ ਤਣਾਅਪੂਰਨ ਹੋ ਗਈ। ਰਿਪੋਰਟ ਅਨੁਸਾਰ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ 'ਚ ਹੋਈ ਬੇਅਦਬੀ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਮੋਰਿੰਡਾ ਦੇ ਕੈਨੌਰ ਚੌਕ 'ਚ ਜਾਮ ਲਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਸਤਿਨਾਮ-ਵਾਹਿਗੁਰੂ ਦੇ ਜਾਪ ਸ਼ੁਰੂ ਕਰ ਦਿੱਤੇ। ਮੌਕੇ 'ਤੇ ਐੱਸਐੱਚਓ ਹਰਸ਼ ਗੌਤਮ ਨੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਇਸ ਗੱਲ 'ਤੇ ਅੜੇ ਰਹੇ ਕਿ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਧਰਨਾਕਾਰੀਆਂ ਨੂੰ ਸੌਂਪਿਆ ਜਾਵੇ। ਬੇਅਦਬੀ ਕਰਨ ਵਾਲੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਪਹਿਲਾਂ ਪਾਠ ਕਰ ਰਹੇ ਪਾਠੀ ਦੀ ਕੁੱਟਮਾਰ ਕੀਤੀ। ਮੋਰਿੰਡਾ ਦੇ ਕੈਨੌਰ ਚੌਕ ਸਥਿਤ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਵਿਰੋਧ ਵਿਚ ਸੰਗਤ ਵੱਲੋਂ ਲਗਾਏ ਜਾਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਪਹੁੰਚੇ ਹਨ। ਇਸ ਘਟਨਾ ਸਬੰਧੀ ਐੱਸਪੀ ਐੱਨਐੱਸ ਮਾਹਲ ਨੇ ਦੱਸਿਆ ਕਿ ਪੁਲਿਸ ਨੂੰ ਕਰੀਬ ਡੇਢ ਵਜੇ ਘਟਨਾ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਤਫਤੀਸ਼ ਜਾਰੀ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਵਿਅਕਤੀ ਮੋਰਿੰਡਾ ਦਾ ਹੀ ਰਹਿਣ ਵਾਲਾ ਹੈ। ਉਸ ਦਾ ਨਾਂਅ ਜਸਬੀਰ ਸਿੰਘ ਦੱਸਿਆ ਜਾ ਰਿਹਾ ਹੈ। ਮੁਲਜ਼ਮ ਵਿਰੁਧ ਧਾਰਾ 323,307,295ਏ ਅਤੇ 506 ਧਾਰਾ ਲਗਾਈ ਗਈ ਹੈ।
ਸਾਡੀ ਦਸਤਾਰ ਉਤਾਰ ਦਿੱਤੀ : ਪਾਠੀ ਗੁਰਪ੍ਰੀਤ ਸਿੰਘ
ਘਟਨਾ ਦੌਰਾਨ ਜਿਸ ਪਾਠੀ ਗੁਰਪ੍ਰੀਤ ਸਿੰਘ ਤੇ ਹਮਲਾ ਹੋਇਆ, ਉਸ ਨੇ ਘਟਨਾ ਦਾ ਵੇਰਵਾ ਦਿੰਦਿਆਂ ਹੋਇਆ ਦੱਸਿਆ ਕਿ ਉਹ ਉਸ ਵੇਲੇ ਆਪਣੀ 12 ਤੋਂ 2 ਵਾਲੀ ਡਿਊਟੀ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ, "ਅਸੀਂ ਆਪਣੀ ਡਿਊਟੀ ਲਗਾ ਰਹੇ ਸੀ ਅਤੇ ਇੱਕ ਵਜ ਕੇ 10 ਮਿੰਟ ਉੱਤੇ ਇਹ ਭਾਈ ਸਾਬ੍ਹ ਅੰਦਰ ਆਏ। ਅੰਦਰ ਆਉਂਦਿਆਂ ਸਾਰ ਹੀ ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕਰ ਦਿੱਤਾ। ਉਸ ਨੇ ਮੇਰੇ ਜਿਹੜਾ ਮੁੱਕਾ ਮਾਰਿਆਂ ਉਸ ਨਾਲ ਸੁੰਨ ਕਰ ਕੇ ਰੱਖ ਦਿੱਤਾ, ਸਾਡੀ ਦਸਤਾਰ ਉਤਾਰ ਦਿੱਤੀ। ਮੈਂ ਬਾਬਾ ਜੀ ਦੇ ਸਰੂਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਉੱਤੇ ਰੁਮਾਲਾ ਪਾਉਣ ਦੀ ਕੋਸ਼ਿਸ਼ ਕੀਤੀ।" "ਫਿਰ ਉਸ ਨੇ ਦੂਜੇ ਗ੍ਰੰਥੀ ਜੋ ਮੇਰੇ ਨਾਲ ਹੀ ਡਿਊਟੀ 'ਤੇ ਬੈਠੇ ਸਨ, ਉਨ੍ਹਾਂ 'ਤੇ ਹਮਲਾ ਕੀਤਾ। ਉਨ੍ਹਾਂ ਵੀ ਦਸਤਾਰ ਉਤਾਰ ਦਿੱਤੀ। ਉਨ੍ਹਾਂ ਦੀ ਅੱਖ 'ਤੇ ਵੀ ਸੱਟ ਲੱਗੀ ਹੈ। ਉਸ ਤੋਂ ਬਾਅਦ ਉਹ ਬਾਹਰ ਨੂੰ ਭੱਜ ਗਿਆ।"
ਮਾਤਾ ਗੁਜਰੀ ਤੇ ਸਹਿਬਜ਼ਾਦਿਆਂ ਨਾਲ ਸਬੰਧਤ ਹੈ ਗੁਰਦੁਆਰਾ ਕੋਤਵਾਲੀ ਸਾਹਿਬ
ਜ਼ਿਲ੍ਹਾ ਰੋਪੜ ਦੇ ਮੋਰਿੰਡਾ ਵਿੱਚ ਇਤਾਹਿਸਕ ਗੁਰਦੁਆਰਾ ਕੋਤਵਾਲੀ ਸਾਹਿਬ ਮਾਤਾ ਗੁਜਰੀ ਜੀ, ਸਹਿਬਜ਼ਾਦਾ ਫਤਿਹ ਸਿੰਘ ਅਤੇ ਸਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਨਾਲ ਸਬੰਧਤ ਹੈ। ਸਾਲ 1705 ਵਿੱਚ ਜਦੋਂ ਗੁਰੂ ਗੋਬਿੰਦ ਸਿੰਘ ਆਪਣੇ ਪਰਿਵਾਰ ਤੋਂ ਵੱਖ ਹੋ ਗਏ ਸਨ ਤਾਂ ਮਾਤਾ ਗੁਜਰੀ ਅਤੇ ਦੋਵੇਂ ਸਹਿਬਜ਼ਾਦੇ ਆਪਣੇ ਲਾਂਗਰੀ ਗੰਗੂ ਨਾਲ ਸਨ। ਇਤਿਹਾਸਕ ਹਵਾਲਿਆਂ ਮੁਤਾਬਕ ਗੰਗੂ ਨੇ ਮੁਗਲ ਹਕੂਮਤ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਸੀ ਅਤੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਹਕੂਮਤ ਨੇ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਮਾਤਾ ਗੁਜਰੀ ਜੀ ਅਤੇ ਸਹਿਬਜ਼ਾਦਿਆਂ ਨੂੰ ਜਾਨੀ ਖ਼ਾਨ ਅਤੇ ਮਨੀ ਖ਼ਾਨ ਇਸ ਥਾਂ ਉਪਰ ਲੈ ਕੇ ਆਏ ਸਨ। ਇਸ ਕੋਤਵਾਲੀ ਥਾਣਾ ਸੀ, ਇੱਥੇ ਮਾਤਾ ਅਤੇ ਸਾਹਿਬਜ਼ਾਦਿਆਂ ਨੂੰ ਇੱਕ ਰਾਤ ਰੱਖਿਆ ਗਿਆ ਸੀ ਉਨ੍ਹਾਂ ਨੂੰ ਰਾਤ ਭਰ ਏਥੇ ਜੇਲ੍ਹ ਵਿੱਚ ਰੱਖਿਆ ਗਿਆ ਸੀ ਅਤੇ ਫਿਰ ਕੇਸ ਚਲਾਉਣ ਲਈ ਸਰਹਿੰਦ ਲੈ ਗਏ ਸਨ।
ਗੁਰੂ ਸਾਹਿਬ ਜੀ ਦੀ ਬੇਅਦਬੀ ਚਿੰਤਾ ਦਾ ਵਿਸ਼ਾ ਹੈ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਇਸ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਰਿੰਡਾ ਵਿਖੇ ਇੱਕ ਘਟੀਆ ਵਿਅਕਤੀ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਾਬਿਆ 'ਤੇ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਦਾ ਹੈ ਅਤੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਜੋ ਚਿੰਤਾ ਦਾ ਵਿਸ਼ਾ ਹੈ। ਦੋਸ਼ੀ ਖਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ ਕਿਉਂਕਿ ਜਦੋਂ ਤੱਕ ਅਜਿਹੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ, ਬੇਅਦਬੀ ਦੀਆਂ ਘਟਨਾਵਾਂ ਨਹੀਂ ਰੁਕਣਗੀਆਂ।
ਬੇਅਦਬੀ ਦੀ ਘਟਨਾ ਬਹੁਤ ਨਿੰਦਣਯੋਗ : ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੀ ਘਟਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, “ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਹੁਤ ਨਿੰਦਣਯੋਗ ਹੈ। ਮੈਂ ਪੰਜਾਬ ਪੁਲਿਸ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ”।