ਮੁੜ ਅੰਦੋਲਨ ਦੀ ਰਾਹ ‘ਤੇ ਕਿਸਾਨ ! SKM ਦੀ ਅਗਵਾਈ ‘ਚ ਅੱਜ ਜੰਤਰ-ਮੰਤਰ ‘ਤੇ ਕਰਨਗੇ ਮਹਾਪੰਚਾਇਤ

ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਿਸਾਨ ਮਹਾਪੰਚਾਇਤ ਦਾ ਐਲਾਨ ਕੀਤਾ ਗਿਆ ਹੈ। ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਵੱਖ-ਵੱਖ ਸੂਬਿਆਂ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਪਹੁੰਚ ਰਿਹਾ ਹੈ । ਹਾਲਾਂਕਿ ਦਿੱਲੀ ਪੁਲਿਸ ਵੱਲੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ।
ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਅਤੇ ਗਾਜ਼ੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ । ਦਿੱਲੀ-ਮੇਰਠ ਐਕਸਪ੍ਰੈਸ ਵੇਅ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਇਸ ਸਬੰਧੀ ਨਵੀਂ ਦਿੱਲੀ ਦੇ ਡੀਸੀਪੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਹਾਪੰਚਾਇਤ ਲਈ ਇਜਾਜ਼ਤ ਮੰਗੀ ਗਈ ਸੀ, ਪਰ ਜ਼ਿਆਦਾ ਭੀੜ ਹੋਣ ਕਾਰਨ ਅਸੀਂ ਸਮਾਗਮ ਦੀ ਇਜਾਜ਼ਤ ਨਹੀਂ ਦਿੱਤੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਦਿੱਲੀ ਦੇ ਸਾਰੇ ਇਲਾਕਿਆਂ ਵਿੱਚ ਧਾਰਾ 144 ਲਾਗੂ ਹੈ।
ਡੀਸੀਪੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਯੋਜਿਤ ਮਹਾਂਪੰਚਾਇਤ ਨੂੰ ਲੈ ਕੇ ਟਿਕਰੀ ਬਾਰਡਰ ਸਮੇਤ ਸਾਰੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ । ਦਿੱਲੀ ਪੁਲਿਸ ਨੇ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ । ਰਾਕੇਸ਼ ਟਿਕੈਤ ਨੂੰ ਦਿੱਲੀ ਦੇ ਮਧੂ ਵਿਹਾਰ ਥਾਣੇ ਵਿੱਚ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ, ਬੇਕਸੂਰ ਕਿਸਾਨਾਂ ਦੀ ਰਿਹਾਈ ਕੀਤੀ ਜਾਵੇ, ਫਸਲਾਂ ‘ਤੇ ਸਵਾਮੀਨਾਥਨ ਕਮੀਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਆਧਾਰ ‘ਤੇ ਸੀ-2+50% ਫਾਰਮੂਲੇ ਦੇ ਆਧਾਰ ’ਤੇ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲਏ ਜਾਣ।