ਸ੍ਰੀ ਆਨੰਦਪੁਰ ਸਾਹਿਬ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ, ਪਤਨੀ ਅਤੇ ਇੱਕ ਬੱਚਾ ਜਖ਼ਮੀ

ਸ੍ਰੀ ਆਨੰਦਪੁਰ ਸਾਹਿਬ, 08 ਜੁਲਾਈ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨੂੰ ਜਾਂਦੀ ਸੜਕ ਤੇ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਪਤੀ-ਪਤਨੀ ਅਤੇ ਦੋ ਬੱਚੇ ਜਾ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਗੁਰਪਾਲ ਸਿੰਘ ਦੀ ਹਾਲਤ ਨੂੰ ਦੇਖਦਿਆਂ ਪੀਜੀਆਈ ਰੈਫਰ ਕਰ ਦਿੱਤਾ ਅਤੇ ਇੱਕ ਸਾਢੇ ਤਿੰਨ ਸਾਲਾ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਗੁਰਪਾਲ ਸਿੰਘ ਵਾਸੀ ਨੀਲਾ (ਬਿਲਾਸਪੁਰ) ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਗੁਰਪਾਲ ਸਿੰਘ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਨੀਲਾ (ਬਿਲਾਸਪੁਰ) ਨੂੰ ਜਾ ਰਿਹਾ ਸੀ, ਕਿ ਉਨ੍ਹਾਂ ਦੀ ਮੋਟਰਸਾਈਕਲ ਨੂੰ ਇੱਕ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੁਰਪਾਲ ਸਿੰਘ ਅਤੇ ਉਸਦਾ ਇੱਕ ਪੁੱਤ ਦੀ ਮੌਤ ਹੋ ਗਈ ਜਦੋਂਕਿ ਉਸਦੀ ਪਤਨੀ ਅਤੇ ਛੋਟਾ ਬੇਟਾ ਜਖ਼ਮੀ ਹੋ ਗਏ ਹਨ।