ਹਰਿਆਣਾ ਪੁਲਿਸ ਦੇ ਵਹਿਸ਼ੀਆਨਾ ਹਮਲੇ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਸਰਕਾਰੀ ਨੌਕਰੀ ਦਿਓ : ਸੁਖਬੀਰ ਬਾਦਲ 

  • ਸੁਖਬੀਰ ਬਾਦਲ ਨੇ ਸਰਕਾਰੀ ਮੈਡੀਕਲ ਕਾਲਜ ਚ ਗੰਭੀਰ ਜ਼ਖ਼ਮੀ ਕਿਸਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 16 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੰਭੂ ਵਿਖੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਦੇ ਹਮਲੇ ਦੇ ਸਾਰੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਪੰਜਾਬ ਖਿੱਤੇ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖਮੀ ਕਰਨ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ? ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਪੁਲ‌ਸ ਦੇ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਘਨੌਰ ਹਲਕੇ ਦੇ ਕਿਸਾਨ ਦਰਸ਼ਨ ਸਿੰਘ ਭੰਗੂ ਨਾਲ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਮੁਲਾਕਾਤ ਕੀਤੀ ਅਤੇ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਦਰਸ਼ਨ ਦੇ ਨਾਲ-ਨਾਲ ਸ਼ੰਭੂ ਵਿੱਚ ਜ਼ਖਮੀ ਹੋਏ ਹੋਰ ਸਾਰੇ ਕਿਸਾਨਾਂ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਪੁੱਛਦਿਆਂ ਕਿ ਉਨ੍ਹਾਂ ਨੇ ਹੁਣ ਤੱਕ ਹਰਿਆਣਾ ਪੁਲਿਸ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਸਰਦਾਰ ਸੁਖਬੀਰ ਬਾਦਲ ਨੇ ਕਿਹਾ, “ਇਹ ਸਪੱਸ਼ਟ ਹੈ ਕਿ ‘ਆਪ’ ਸਰਕਾਰ ਹਰਿਆਣਾ ਸਰਕਾਰ ਅਤੇ ਹਰਿਆਣਾ ਦੇ ਹਮਰੁਤਬਾ ਨਾਲ ਤਾਲਮੇਲ ਕਰਕੇ ਇਸ ਨੂੰ ਰੋਕਣ ਲਈ ਕੰਮ ਕਰ ਰਹੀ ਹੈ। ਸਰਦਾਰ ਬਾਦਲ ਨੇ ਸਰਦਾਰ ਭੰਗੂ ਤੇ ਸ਼ੰਭੂ ਵਿਖੇ ਜ਼ਖ਼ਮੀ ਹੋਏ ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ। ਸਰਦਾਰ ਬਾਦਲ ਨੇ ਇਹ ਵੀ ਸਵਾਲ ਕੀਤਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਬਾਉਣ ਵਾਸਤੇ ਤਾਕਤ ਦੀ ਦੁਰਵਰਤੋਂ ਕਿਉਂ ਕੀਤੀ ? ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਹੜਾ ਅੰਨਦਾਤਾ ਕੇਂਦਰ ਸਾਹਮਣੇ ਆਪਣਾ ਰੱਖ ਰੱਖਣਾ ਚਾਹੁੰਦਾ ਹੈ, ਉਸਦੀ ਆਵਾਜ਼ ਨੂੰ ਇਸ ਤਰੀਕੇ ਕੁਚਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੰਨਦਾਤਾ ਦੀ ਮੰਗ ਨੂੰ ਤੁਰੰਤ ਮੰਨਿਆ ਜਾਣਾ ਚਾਹੀਦਾ ਹੈ ਤੇ ਜਿਹੜੀਆਂ ਮੰਗਾਂ ਦੋ ਸਾਲ ਪਹਿਲਾਂ ਪ੍ਰਵਾਨ ਹੋ ਗਈਆਂ ਸਨ, ਉਹਨਾਂ ਨੂੰ ਤੁਰੰਤ ਲਾਗੂ ਕਰਨ ਦੇ ਨਾਲ-ਨਾਲ ਹੋਰ ਮੰਗਾਂ ’ਤੇ ਸੰਜੀਦਗੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸਰਦਾਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਹਰਿਆਣਾ ਸਰਕਾਰ ਨਾਲ ਰਲ ਕੇ ਕਿਸਾਨਾਂ ਨੂੰ ਦਬਾਉਣ ਲਈ ਕੰਮ ਕਰ ਰਹੀ ਹੈ ਤੇ ਇਸੇ ਲਈ ਹੁਣ ਤੱਕ ਉਸਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਸਰਦਾਰ ਬਾਦਲ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਮੰਨਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੀਆਂ ਸਾਰੀਆਂ ਮੰਗਾਂ ਮੰਨਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ, ਜਿਨ੍ਹਾਂ ਨੂੰ ਦੋ ਸਾਲ ਪਹਿਲਾਂ ਲਿਖਤੀ ਰੂਪ ਵਿੱਚ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਇਹ ਵੀ ਖੁਲ੍ਹਾਸਾ ਕੀਤਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਸ਼ੰਭੂ ਵਿੱਚ ਕਿਸਾਨਾਂ ਨੂੰ ਮੈਡੀਕਲ ਰਾਹਤ ਅਤੇ ਲੰਗਰ ਸੇਵਾਵਾਂ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਕਿਸਾਨਾਂ ਨੂੰ ਢੁੱਕਵੀਂ ਡਾਕਟਰੀ ਸੇਵਾਵਾਂ ਦੇਣ ਲਈ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾ: ਸੁਖਵਿੰਦਰ ਕੁਮਾਰ ਸੁੱਖੀ, ਹਰਿੰਦਰ ਸਿੰਘ ਚੰਦੂਮਾਜਰਾ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਸੁਖਦੀਪ ਸਿੰਘ ਸ਼ੁਕਰਪੁਰ ਵੀ ਹਾਜ਼ਰ ਸਨ।