ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ : ਬੈਂਸ

ਚੰਡੀਗੜ੍ਹ, 6 ਜੂਨ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ। ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਤੁਰੰਤ ਜਾਰੀ ਕੀਤਾ ਜਾਵੇ।