ਗਵਰਨਰ ਪੁਰੋਹਿਤ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ, ਅਮਨ ਅਰੋੜਾ ਦੀ ਸਜ਼ਾ ਬਾਰੇ ਉਠਾਇਆ ਸਵਾਲ

ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਗਵਰਨਰ ਬੀਐਲ ਪੁਰੋਹਿਤ ਨੇ ਸੀ ਐਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਨ੍ਹਾਂ ਨੇ ਸੀ ਐਮ ਨੂੰ ਪੁੱਛਿਆ ਕਿ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਅਹੁਦੇ ਤੋਂ ਨਾ ਹਟਾਉਣ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਗਵਰਨਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ 'ਚ ਅਮਨ ਅਰੋੜਾ ਨੂੰ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦਾ ਮੌਕਾ ਦੇਣ ਨੂੰ ਗਲਤ ਦੱਸਿਆ ਹੈ। ਗਵਰਨਰ ਨੇ ਮੁੱਖ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਹੈ। ਗਵਰਨਰ ਨੇ ਚਿੱਠੀ ਵਿੱਚ ਕਿਹਾ ਹੈ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਗਵਰਨਰ ਨੇ ਅੱਗੇ ਕਿਹਾ ਕਿ 26 ਜਨਵਰੀ ਨੂੰ ਅਮਨ ਅਰੋੜਾ ਮੰਤਰੀ ਹੋਣ ਕਰਕੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਜਾ ਰਹੇ ਹਨ, ਜੋ ਕਿ ਬਿਲਕੁਲ ਵੀ ਉਚਿਤ ਨਹੀਂ ਹੈ। ਗਣਤੰਤਰ ਦਿਵਸ ਇੱਕ ਮਹੱਤਵਪੂਰਨ ਦਿਨ ਹੈ। ਅਜਿਹੀ ਸਥਿਤੀ ਵਿਚ ਦੇਸ਼ ਦੀ ਅਜਿਹੀ ਜ਼ਿੰਮੇਵਾਰੀ ਕਿਸੇ ਅਯੋਗ ਵਿਧਾਇਕ ਨੂੰ ਸੌਂਪਣਾ ਕਾਨੂੰਨੀ ਮਾਣ ਨੂੰ ਠੇਸ ਪਹੁੰਚਾਉਂਦਾ ਹੈ। ਇਹ ਇੱਕ ਗਲਤ ਸੁਨੇਹਾ ਦਿੰਦਾ ਹੈ। ਸੁਪਰੀਮ ਕੋਰਟ ਨੇ 2013 'ਚ ਲਿਲੀ ਥਾਮਸ ਮਾਮਲੇ 'ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ।