ਚੰਡੀਗੜ੍ਹ, 22 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਨੇ ਕੌਮੀ ਐਸ ਸੀ ਕਮਿਸ਼ਨ ਕੋਲ ਪਹੁੰਚ ਕਰ ਕੇ ਮਦਦ ਮੰਗ ਕੀਤੀ ਹੈ ਤੇ ਆਪਣੇ ਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਜਾਣਕਾਰੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੌਮੀ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਉਹਨਾਂ ਨੇ ਐਸ ਆਈ ਟੀ ਦੇ ਮੁਖੀ ਨਰਿੰਦਰ ਭਾਰਗਵ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਉਹ ਚੰਡੀਗੜ੍ਹ ਜਾਂ ਦਿੱਲੀ ਵਿਚ ਕਿਸੇ ਵੀ ਸੁਰੱਖਿਅਤ ਥਾਂ ’ਤੇ ਪੇਸ਼ਹੋਣ ਵਾਸਤੇ ਤਿਆਰ ਹੈ। ਉਹਨਾਂ ਦੱਸਿਆ ਕਿ ਉਸਨੇ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਵੀ ਮੰਗ ਕੀਤੀ ਹੈ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਅਖੌਤੀ ਆਦਰਸ਼ਤ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਾਗੀ ਮੰਤਰੀ ਕਟਾਰੂਚੱਕ ਦਾ ਬਚਾਅ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਕੇਸ ਵਿਚ ਐਸ ਆਈ ਟੀ ਦਾ ਗਠਨ ਸਿਰਫ ਅੱਖਾਂ ਪੂੰਝਣ ਵਾਲੀ ਕਾਰਵਾਈ ਹੈ ਤੇ ਸ਼ਿਕਾਇਤਕਰਤਾ ਨੂੰ ਨਿਆਂ ਲੈਣ ਵਾਸਤੇ ਕੌਮੀ ਐਸ ਸੀ ਕਮਿਸ਼ਨ ਕੋਲ ਪਹੁੰਚ ਕਰਨੀ ਪਈ ਹੈ। ਉਹਨਾਂ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਨੈਤਿਕ ਤੌਰ ’ਤੇ ਭ੍ਰਿਸ਼ਟ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਨਿਆਂ ਵਾਲੇ ਪਾਸੇ ਖੜ੍ਹੇ ਹੋਣ।