ਖਹਿਰਾ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, ਇੱਕ ਦਿਨ ਦਾ ਦਿੱਤਾ ਸਮਾਂ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਦਾਖ਼ਲ ਕਰਨ ਇੱਕ ਦਿਨ ਦਾ ਸਮਾਂ ਦਿੱਤਾ ਹੈ। ਕੋਰਟ ਨੇ ਮਾਮਲੇ ਦੀ ਸੁਣਵਾਈ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ, ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 10 ਅਕਤੂਬਰ ਤਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਆਪਣੀ ਪਟੀਸ਼ਨ ‘ਚ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ, ਫਿਰ ਵੀ ਉਨ੍ਹਾਂ ਨੂੰ ਇਸ ਮਾਮਲੇ ‘ਚ ਗ੍ਰਿਫਤਾਰ ਕਰਨਾ ਨਾ ਸਿਰਫ ਗਲਤ ਹੈ ਸਗੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਵੀ ਉਲੰਘਣਾ ਹੈ। ਦੱਸ ਦਈਏ ਕਿ 28 ਸਿਤੰਬਰ ਨੂੰ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇਹ ਗ੍ਰਿਫਤਾਰੀ ਐਨਡੀਪੀਐਸ ਦੇ ਇੱਕ ਮਾਮਲੇ ‘ਚ ਹੋਈ ਸੀ।