ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਿਆ, ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ  

ਚੰਡੀਗੜ੍ਹ, 7 ਨਵੰਬਰ 2024 : ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (ਪੀਯੂ) ਦੀ ਸਰਵਉੱਚ ਸੰਸਥਾ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ। ਨਵੀਂ ਸੈਨੇਟ ਜਾਂ ਗਵਰਨਿੰਗ ਬਾਡੀ ਬਾਰੇ ਉਪ ਪ੍ਰਧਾਨ ਅਤੇ ਪੀਯੂ ਦੇ ਚਾਂਸਲਰ ਜਗਦੀਪ ਧਨਖੜ ਦੇ ਦਫਤਰ ਤੋਂ ਕੋਈ ਅਧਿਕਾਰਤ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵੀਰਵਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਨੇਤਾਵਾਂ ਨੇ ਵਿਦਿਆਰਥੀਆਂ ਦੇ ਨਾਲ ਪੀਯੂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੇਂਦਰ ਸਰਕਾਰ 'ਤੇ ਦੋਸ਼ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਧਰਨੇ 'ਚ ਵਿਰੋਧੀ ਧਿਰਾਂ ਅਕਾਲੀ ਦਲ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਰਕਰ ਸ਼ਾਮਲ ਹੋਏ। ਇਸ ਮੌਕੇ ਆਗੂਆਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਸਮੇਤ ਵੱਡੇ ਆਗੂ ਹਾਜ਼ਰ ਹੋਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ 'ਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਖੋਰਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਧਿਰਾਂ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਾਮਯਾਬ ਨਹੀਂ ਹੋਣ ਦੇਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਸੈਨੇਟ ਚੋਣਾਂ ਲਈ ਇੱਕ ਫੌਰੀ ਸਮਾਂ ਸੀਮਾ, ਫੀਸਾਂ ਵਿੱਚ ਵਾਧੇ ਨੂੰ ਵਾਪਸ ਲੈਣ, ਅਤੇ ਸਾਡੀ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਦੀ ਮੰਗ ਕਰਦੇ ਹਾਂ। ਪੰਜਾਬ ਦੀ ਆਵਾਜ਼ ਨੂੰ ਸ਼ਾਂਤ ਨਹੀਂ ਕੀਤਾ ਜਾਵੇਗਾ। ਅਕਾਲੀ ਦਲ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਵਾਪਸ ਲੈਣ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾੜੇ ਮਨਸੂਬੇ ਨੂੰ ਵਾਪਸ ਲੈਣ ਜੋ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਐਕਟ ਮੁਤਾਬਕ ਪੀਯੂ ਇਕ ਇੰਟਰਸਟੇਟ ਬਾਡੀ ਕਾਰਪੋਰੇਟ ਹੈ ਤੇ ਇਸਦੀ ਸੈਨੇਟ ਨਾਲ ਕੋਈ ਵੀ ਛੇੜਛਾੜ ਉਕਤ ਐਕਟ ਦੀ ਉਲੰਘਣਾ ਮੰਨੀ ਜਾਵੇਗੀ ਤੇ ਇਹ ਪੰਜਾਬ ਤੇ ਪੰਜਾਬੀਆਂ ਨਾਲ ਇਕ ਹੋਰ ਗੰਭੀਰ ਅਨਿਆਂ ਹੋਵੇਗਾ।