ਮੰਤਰੀ ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ

  • ਅਧਿਕਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ
  • ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਨਹੀਂ ਮਿਿਲਆ ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ। ਧਾਲੀਵਾਲ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ।  ਉਨ੍ਹਾਂ ਨੇ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸਾਇਲੋਜ਼ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਿਖਆ ਹੋਇਆ ਹੈ। ਕਿਸਾਨ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਕੰਡਿਆਲੀ ਤਾਰ ਨੇੜਲੀਆਂ ਜ਼ਮੀਨਾਂ ਜਾਂ ਤਾਂ ਬੀ.ਐਸ.ਐਫ. ਐਕਵਾਇਰ ਕਰ ਲਵੇ ਜਾਂ ਉਨ੍ਹਾਂ ਨੂੰ ਜ਼ਮੀਨਾਂ ਬਦਲੇ ਹੋਰ ਥਾਂ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਕੰਮ ਚਲਦਾ ਰਹੇ। ਖੇਤੀ ਮੰਤਰੀ ਨੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣ ਬਾਰੇ ਕਿਸਾਨ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸਹਾਇਤਾ ਦੇਣ ਲਈ ਲਿਿਖਆ ਹੋਇਆ ਹੈ ਅਤੇ ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਨੁਕਸਾਨ ਦੇ ਵੇਰਵੇ ਪ੍ਰਾਪਤ ਕਰਨ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਲੈਂਡ ਮਾਰਟਗੇਜ ਬੈਂਕ ਵੱਲੋਂ ਜਾਰੀ ਵਾਰੰਟਾਂ ‘ਤੇ ਹਾਲ ਦੀ ਘੜੀ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜ਼ਮੀਨ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਲਈ ਜਲਦ ਨਵੀਂ ਨੀਤੀ ਬਣਾਈ ਜਾਵੇਗੀ। ਇਸ ਮੌਕੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਰਹਿੰਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਸਾਡੇ ਕੋਲ ਕੋਈ ਕੇਸ ਪੈਂਡਿੰਗ ਨਹੀਂ ਹੈ, ਜੇਕਰ ਕੋਈ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਰਹਿ ਗਿਆ ਹੈ ਤਾਂ ਕਿਸਾਨ ਯੂਨੀਅਨਾਂ ਉਨ੍ਹਾਂ ਦੀ ਸੂਚੀ ਬਣਾ ਕੇ ਭੇਜਣ ਤਾਂ ਜੋ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਮੁਆਵਜ਼ਾ ਦਿਵਾਇਆ ਜਾ ਸਕੇ। ਮੀਟਿੰਗ ਵਿੱਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਖੇਤੀ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।