- ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ
- ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ
ਚੰਡੀਗੜ੍ਹ, 14 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।