ਪਾਕਿ ਕਹਿੰਦਾ ਪੰਜਾਬ ਦਾ ਧੂੰਆਂ ਲਾਹੌਰ ਵੱਲ ਆਉਂਦਾ, ਦਿੱਲੀ ਕਹਿੰਦੀ ਸਾਡੇ ਵੱਲ ਆਉਂਦਾ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਨਵੰਬਰ 2024 : ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀਆਂ ਵੱਲੋਂ ਹਵਾ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਸਾਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਥੇ ਦੋਸ਼ ਲਾਉਣ ਦੀ ਖੇਡ ਨਹੀਂ ਚੱਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪਾਕਿਸਤਾਨ ਵਾਲੇ ਵੀ ਕਹਿ ਰਹੇ ਹਨ ਕਿ ਪੰਜਾਬ ਦਾ ਧੂੰਆਂ ਓਧਰ ਆ ਰਿਹਾ ਹੈ। ਉਨ੍ਹਾਂ ਕਿਹਾ ਪ੍ਰਦੂਸ਼ਣ ਦੀ ਸਮੱਸਿਆ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਹੈ, ਇਹ ਮੱਧ ਪ੍ਰਦੇਸ਼, ਯੂਪੀ ਅਤੇ ਹਰਿਆਣਾ ਦੀ ਵੀ ਸਮੱਸਿਆ ਹੈ। ਇਸ ਸਮੱਸਿਆ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਹੱਲ ਨਹੀਂ ਨਿਕਲ ਸਕਦਾ। ਇਸ ਸਮੱਸਿਆ ਨਾਲ ਨਜਿੱਠਣ ਲਈ ਰਲ-ਮਿਲ ਕੇ ਕੰਮ ਕਰਨਾ ਪਵੇਗਾ। ਇਸ ਸਮੱਸਿਆ ਦੇ ਹੱਲ ਲਈ ਹੋਮਵਰਕ ਕਰਨਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿਆਨ ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ਪੰਜਾਬ ਵਿਜ਼ਨ 2047 ‘ਚ ਪਹੁੰਚੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤਾ ਹੈ। ਉਨ੍ਹਾਂ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਬਜਾਏ ਬੀਜੀਆਂ ਫ਼ਸਲਾਂ ਦਾ ਪੂਰਾ ਮੁੱਲ ਮਿਲਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਪਰ ਚੌਲ ਪੰਜਾਬੀਆਂ ਦੀ ਖੁਰਾਕ ਨਹੀਂ ਹੈ। ਅਸੀਂ ਦੇਸ਼ ਨੂੰ 182 ਲੱਖ ਮੀਟ੍ਰਿਕ ਚੌਲ ਦੇ ਰਹੇ ਹਾਂ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਰਾਂ ਨੂੰ ਕਿਸਾਨਾਂ ਦੇ ਮਾਰਗ ਦਰਸ਼ਕ ਬਣਨ ਅਤੇ ਉਨ੍ਹਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸੀਐੱਮ ਭਗਵੰਤ ਮਾਨ ਨੇ ਪੀ.ਏ.ਯੂ ਜਲਵਾਯੂ ਅਤੇ ਊਰਜਾ ਪਰਿਵਰਤਨ ਦੇ ਮੱਦੇਨਜ਼ਰ ਟਰਾਂਸਫਾਰਮਿੰਗ ਐਗਰੀਫੂਡ ਸਿਸਟਮਜ਼ ਬਾਰੇ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ‘ਤੇ ਜਲਵਾਯੂ ਪਰਿਵਰਤਨ ਦੇ ਮਾੜੇ ਪ੍ਰਭਾਵਾਂ ਖਾਸ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਾਰਨ ਪੰਜਾਬ ਦੀ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਇਸ ਨੂੰ ਹੱਲ ਕਰਨ ਦੀ ਫੌਰੀ ਲੋੜ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਉੱਚ ਉਤਪਾਦਨ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸਮਰੱਥਾ ਵਧਾਉਣ ਲਈ ਫ਼ਸਲਾਂ ਦੀ ਵਿਭਿੰਨਤਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਅੰਤਰਰਾਸ਼ਟਰੀ ਕਾਨਫਰੰਸ ‘ਚ ਹਾਜ਼ਰ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ‘ਚ ਫਸਲੀ ਵਿਭਿੰਨਤਾ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਵਿਗਿਆਨੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਪੰਜਾਬ ਦੇ ਖੇਤੀ ਸੈਕਟਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਸਾਡੇ ਕਿਸਾਨਾਂ ਦਾ ਮਾਰਗ ਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਦੇ ਮਾੜੇ ਪ੍ਰਭਾਵਾਂ ਨੂੰ ਨੱਥ ਪਾਉਣ ਦੀ ਲੋੜ ਹੈ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸੀਐੱਮ ਮਾਨ ਨੇ ਕਿਹਾ ਕਿ ਜੇਕਰ ਇਹ ਮਸਲਾ ਹੱਲ ਨਾ ਹੋਇਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਬਿਨਾਂ ਸ਼ੱਕ ਇਸ ਲਈ ਸਾਨੂੰ ਜ਼ਿੰਮੇਵਾਰ ਠਹਿਰਾਉਣਗੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਮਾਂ ਆਪਣੀ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਜਲਵਾਯੂ ਤਬਦੀਲੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਗਰਮ ਕਦਮ ਚੁੱਕਣ ਦੀ ਲੋੜ ਹੈ। ਇਸ ਸੰਦਰਭ ‘ਚ ਹੈਰਾਨ ਕਰਨ ਵਾਲੇ ਅਤੇ ਚਿੰਤਾਜਨਕ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੱਕ ਕਿਲੋ ਚੌਲ ਉਗਾਉਣ ਲਈ 3000 ਲੀਟਰ ਪਾਣੀ ਦੀ ਲੋੜ ਹੁੰਦੀ ਹੈ ਅਤੇ ਉਹੀ ਮੋਟਰਾਂ ਜੋ ਖਾੜੀ ਦੇਸ਼ਾਂ ‘ਚ ਪੈਟਰੋਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਪੰਜਾਬ ‘ਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਵਰਤੀਆਂ ਜਾ ਰਹੀਆਂ ਹਨ ਲਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚਿੰਤਾਜਨਕ ਰੁਝਾਨ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।