ਚੰਡੀਗੜ੍ਹ, 26 ਅਪ੍ਰੈਲ : ਵਿਸ਼ਵ ਮਲੇਰੀਆ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਮਲੇਰੀਆ ਸਮੇਤ ਵੈਕਟਰ ਬੋਰਨ ਬਿਮਾਰੀਆਂ ਤੋਂ ਅਪਣੇ ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੀ ਸ਼ੁਰੂਆਤ ਨਾਲ, ਮੱਛਰਾਂ ਦਾ ਪ੍ਰਜਣਨ ਵਧ ਜਾਂਦਾ ਹੈ ਕਿਉਂਕਿ ਵਾਤਾਵਰਣ ਮੱਛਰ ਪੈਦਾ ਕਰਨ ਲਈ ਅਨੁਕੂਲ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੱਛਰਾਂ ਨੂੰ ਵੈਕਟਰ ਕਿਹਾ ਜਾਂਦਾ ਹੈ ਕਿਉਂਕਿ ਇਹ ਮਨੁੱਖਾਂ ਵਿਚ ਫੈਲਣ ਵਾਲੀਆਂ ਵੱਖ-ਵੱਖ ਬਿਮਾਰੀਆਂ ਦੇ ਵਾਹਕ ਹੁੰਦੇ ਹਨ। ਡਾ. ਬਲਬੀਰ ਸਿੰਘ ਨੇ ਦਸਿਆ ਕਿ ਸਾਲ 2030 ਤਕ ਦੇਸ਼ ਵਿਚੋਂ ਮਲੇਰੀਆ ਨੂੰ ਖ਼ਤਮ ਕਰਨ ਦੇ ਟੀਚੇ ਨੂੰ ਮੁੱਖ ਰਖਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਮਲੇਰੀਆ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਇਸ ਬਿਮਾਰੀ ਦੇ ਫੈਲਣ ’ਤੇ ਨਜ਼ਰ ਰਖਣ ਦੇ ਨਿਰਦੇਸ਼ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਮਲੇਰੀਆ ਦੀ ਬਿਮਾਰੀ ਦੀ ਰੋਕਥਾਮ ਲਈ ਵਿਭਾਗ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਲੋਕਾਂ ਨੂੰ ਇਸ ਜਾਨਲੇਵਾ ਬਿਮਾਰੀ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕਰ ਰਹੀਆਂ ਹਨ। ਇਹ ਦਸਦਿਆਂ ਕਿ ਮਲੇਰੀਆ ਵਿਰੁਧ ਲੜਾਈ ਵਿਚ ਉਦਯੋਗ, ਸਥਾਨਕ ਸਰਕਾਰਾਂ, ਸਕੂਲ ਅਤੇ ਕਾਲਜ, ਆਂਗਨਵਾੜੀ ਆਦਿ ਅਹਿਮ ਭੂਮਿਕਾ ਨਿਭਾ ਸਕਦੇ ਹਨ, ਸਿਹਤ ਮੰਤਰੀ ਨੇ ਮਲੇਰੀਆ ਵਿਰੁਧ ਜੰਗ ਅਤੇ ਸੂਬੇ ਵਿਚੋਂ ਇਸ ਬਿਮਾਰੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਮੂਹ ਸਿਵਲ ਸਰਜਨਾਂ ਨੂੰ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਇਨ੍ਹਾਂ ਸੰਸਥਾਵਾਂ ਨਾਲ ਸਾਂਝੇ ਤੌਰ ’ਤੇ ਅੰਤਰ-ਵਿਭਾਗੀ ਮੀਟਿੰਗ ਕਰਨ ਦੇ ਨਿਰਦੇਸ਼ ਦਿਤੇ। ਇਸ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ ਡਾ. ਰਵਿੰਦਰਪਾਲ ਕੌਰ ਦੇ ਨਾਲ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਲੱਛਣਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਪੋਸਟਰ ਵੀ ਜਾਰੀ ਕੀਤਾ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਕਿ ਸੰਕਰਮਿਤ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦੇਰ ਸ਼ਾਮ ਜਾਂ ਸਵੇਰੇ ਤੜਕੇ ਮਨੁੱਖਾਂ ਨੂੰ ਕੱਟਦਾ ਹੈ। ਉਨ੍ਹਾਂ ਦਸਿਆ ਕਿ ਸ਼ੁਰੂਆਤੀ ਲੱਛਣ ਹਲਕੇ, ਬੁਖ਼ਾਰ ਦੇ ਸਮਾਨ ਹੁੰਦੇ ਹਨ ਜਿਸ ਨੂੰ ਮਲੇਰੀਆ ਵਜੋਂ ਪਛਾਣਨਾ ਮੁਸ਼ਕਲ ਹੋ ਸਕਦਾ ਹੈ। ਮਲੇਰੀਆ ਦੇ ਹਲਕੇ ਲੱਛਣਾਂ ਵਿੱਚ ਬੁਖਾਰ, ਠੰਢ ਅਤੇ ਸਿਰ ਦਰਦ ਸ਼ਾਮਲ ਹਨ, ਜਦੋਂ ਕਿ ਗੰਭੀਰ ਲੱਛਣਾਂ ਵਿੱਚ ਥਕਾਵਟ, ਮਤਲੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਉਹਨਾਂ ਲੋਕਾਂ ਨੂੰ ਮਲੇਰੀਆ ਤੋਂ ਬਚਣ ਲਈ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਹੋਰ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਹਨਾਂ ਅੱਗੇ ਕਿਹਾ ਕਿ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਕੇ ਵੀ ਮੱਛਰ ਦੇ ਪ੍ਰਜਨਣ ਨੂੰ ਰੋਕਿਆ ਜਾ ਸਕਦਾ ਹੈ। ਇਸ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ. ਰਵਿੰਦਰਪਾਲ ਕੌਰ ਦੇ ਨਾਲ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਲੱਛਣਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਇੱਕ ਪੋਸਟਰ ਵੀ ਜਾਰੀ ਕੀਤਾ।