ਪੰਜਾਬ ਸਰਕਾਰ  ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ

  • ਥੋੜ੍ਹੀ ਮਾਤਰਾ ’ਚ ਨਸ਼ੇ ਸਮੇਤ ਫੜੇ ਗਏ ਨਸ਼ਾ ਪੀੜਤਾਂ ਨੂੰ ਇਲਾਜ  ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇਗਾ: ਡਾਕਟਰ ਬਲਬੀਰ ਸਿੰਘ
  • ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਸਿਹਤ ਮੰਤਰੀ
  • ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ  ਬਣੇਗਾ ਮਿਸਾਲ
  • ਸਿਹਤ ਵਿਭਾਗ ਨੇ ਸੂਬੇ ਵਿੱਚ ਮਾਨਸਿਕ ਸਿਹਤ ਅਤੇ ਇਸ ਸਬੰਧੀ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ ਕਰਵਾਈ

ਚੰਡੀਗੜ੍ਹ, 21 ਜੂਨ : ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ  ਕਾਨੂੰਨਨ ਤੌਰ ਹੋ ਜਾਣਗੇ, ਇਹ ਗੈਰ-ਕਾਨੂੰਨੀ  ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ - ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ  ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ । ਉਹਨਾਂ ਸਪੱਸ਼ਟ ਕੀਤਾ ਕਿ  ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ। ਸਿਹਤ ਮੰਤਰੀ ਇੱਥੇ , ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਆਯੋਜਿਤ "ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ" ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ  ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ  ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ ’ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ  ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ। ਡਾ਼ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ। ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿੱਚ ਮਦਦ ਕਰਨ ਲਈ ‘ਟੈਲੀ ਮਾਨਸ ਹੈਲਪਲਾਈਨ’ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਪ੍ਰੋਫੈਸਰ ਜੀ.ਐਮ.ਸੀ ਫ਼ਰੀਦਕੋਟ ਡਾ: ਪਿਰਦੱਤ ਬਾਂਸਲ, ਪ੍ਰੋਫੈਸਰ ਜੀ.ਐਮ.ਸੀ. ਅੰਮ੍ਰਿਤਸਰ ਡਾ. ਨੀਰੂ ਬਾਲਾ, ਪ੍ਰੋਫੈਸਰ ਜੀ.ਐਮ.ਸੀ.ਪਟਿਆਲਾ ਡਾ. ਰਜਨੀਸ਼, ਆਰ. ਪਿਲਾਈ, ਡਿਪਟੀ ਡਾਇਰੈਕਟਰ ਕੌਮੀ ਮਾਨਸਿਕ ਸਿਹਤ ਪ੍ਰੋਗਰਾਮ ਡਾ. ਦਲਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਆਦਿ ਹਾਜ਼ਰ ਸਨ।