ਪੰਜਾਬ ਸਰਕਾਰ ਨੇ ਡਿਬਰੁਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਸਾਥੀਆਂ 'ਤੇ NSA ਵਿੱਚ ਫਿਰ ਕੀਤਾ ਇੱਕ ਸਾਲ ਦਾ ਵਾਧਾ

ਚੰਡੀਗੜ੍ਹ, 19 ਜੂਨ 2024 :  ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ। ਅੱਜ ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। NSA ਦੇ ਆਦੇਸ਼ ਸਿਰਫ ਇੱਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖਿਲਾਫ ਨਵੇਂ ਸਿਰੇ ਤੋਂ ਐੱਨ.ਐੱਸ.ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਜਦੋਂ ਇਹ ਜਾਣਕਾਰੀ ਮੰਗੀ ਤਾਂ ਪੰਜਾਬ ਸਰਕਾਰ ਨੇ ਅਗਲੀ ਸੁਣਵਾਈ ਦੌਰਾਨ ਇਨ੍ਹਾਂ ਹੁਕਮਾਂ ਬਾਰੇ ਪੂਰੀ ਜਾਣਕਾਰੀ ਦੇਣ ਲਈ ਸਮਾਂ ਮੰਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਯੋਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਗਾਏ ਗਏ ਐਨਐਸਏ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ।