ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਸਰਕਾਰ ਤੋਂ ਮੰਗਿਆ 50 ਹਜ਼ਾਰ ਕਰੋੜ ਦਾ ਹਿਸਾਬ

ਚੰਡੀਗੜ੍ਹ, 22 ਸਤੰਬਰ  : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ 5637.4 ਕਰੋੜ ਰੁਪਏ ਦੇ ਆਰਡੀਐਫ ਫੰਡ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇ ਅਤੇ ਇਸ ਨੂੰ ਜਾਰੀ ਕਰਵਾਇਆ ਜਾਵੇ। ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ੇ ਦੀ ਅਦਾਇਗੀ ਕਰਨ ਵਿੱਚ ਅਸਮਰੱਥ ਹੈ।

01