ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ

  • ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ’ਚ ਸੀਸੀਟੀਵੀ ਕੈਮਰੇ ,14 ਉਡਣ ਦਸਤੇ, 13 ਡੀ.ਟੀ.ਈ./ਬੋਰਡ ਟੀਮਾਂ,52 ਨਿਗਰਾਨਾਂ ਦੀ ਤਾਇਨਾਤੀ

ਚੰਡੀਗੜ੍ਹ, 9 ਜੂਨ : ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ ਆਈਟੀ) ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ । ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪੋਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਰਕਾਰੀ ਪਾਲੀਟੈਕਨਿਕ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਤਬਦੀਲ ਕਰਕੇ ਪ੍ਰੀਖਿਆ ਵਿੱਚ ਨਕਲ ਨੂੰ ਬਿਲਕੁਲ ਖਤਮ ਕਰਨ ਦਾ ਫੈਸਲਾ ਲਿਆ ਹੈ। ਹੁਣ ਪ੍ਰੀਖਿਆਵਾਂ ਨੂੰ ਸੀਸੀਟੀਵੀ ਨਿਗਰਾਨੀ ਹੇਠ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਨੇ ਸਰਕਾਰੀ ਪੌਲੀਟੈਕਨਿਕਾਂ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਵੱਡੀ ਰਕਮ ਖਰਚ ਕੀਤੀ ਹੈ। ਵਿਦਿਆਰਥੀਆ ਦੀ ਸਹੂਲਤ ਨੂੰ ਧਿਆਨ ਵਿੱਚ ਰਖਦੇ ਹੋਏ ਸਾਰੀਆਂ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੀ ਸਰਕਾਰੀ ਸੰਸਥਾਵਾਂ ਨਾਲ ਮੈਪਿੰਗ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਆਪਣੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ.ਬੈਂਸ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਨਿਗਰਾਨ ਬੋਰਡ ਨੇ 26 ਸਰਕਾਰੀ ਪੌਲੀਟੈਕਨਿਕਾਂ ਅਤੇ 115 ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਲਗਭਗ 3 ਕਰੋੜ ਰੁਪਏ ਖਰਚ ਕੀਤੇ ਹਨ। ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਨਵੇਂ ਬਣੇ ਕੇਂਦਰਾਂ ਵਿੱਚ  ਵੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਨੇ ਪਹਿਲੀ ਵਾਰ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਲਈ ਬੋਰਡ ਦੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕੰਟਰੋਲ ਰੂਮ ਵਿੱਚ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਅਧਿਕਾਰੀਆਂ ਦਾ ਰੋਸਟਰ ਵੀ ਤਿਆਰ ਕੀਤਾ ਗਿਆ ਹੈ। ਇਸ ਨਾਲ ਪ੍ਰੀਖਿਆਵਾਂ ਵਿੱਚ ਪੂਰੀ ਪਾਰਦਰਸ਼ਤਾ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਅਤੇ ਉਦਯੋਗਿਕ ਸਿਖਲਾਈ ਬੋਰਡ ਤੇ ਤਕਨੀਕੀ ਸਿੱਖਿਆ ਬੋਰਡ ਪੰਜਾਬ ਰਾਜ ਵਿੱਚ ਤਕਨੀਕੀ ਸਿੱਖਿਆ ਦੀ ਗੁਣਵੰਤਾ ਵਿੱਚ ਸੁਧਾਰ ਲਿਆਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਪੋਲੀਟੈਕਨਿਕ ਫਾਰਮੇਸੀ ਡਿਪਲੋਮਾ ਕੋਰਸਾਂ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਕਰ ਰਿਹਾ ਹੈ।।