ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਨੂੰ ਹਮਾਇਤ ਤੇ ਪਾਰਟੀ ਛੱਡਣ ਵਾਲਿਆਂ ਨੂੰ ਘਰ ਮੁੜਨ ਦੀ ਅਪੀਲ

  • ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਅਤੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਮੁੜ ਪਾਰਟੀ ਵਿਚ ਪਰਤਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਆਮ ਆਦਮੀ ਪਾਰਟੀ ਅਤੇ ਇਸਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਬਚਾਉਣਾ ਹੈ ਜਿਸਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਤੇ ਅਰਥਚਾਰਾ ਤਬਾਹ  ਕਰ ਦਿੱਤਾ ਅਤੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਰ ਕੇ ਹਾਰ ਮੁਹਾਜ਼ ’ਤੇ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ  ਕਿ ਉਹ ਆਪ-ਕਾਂਗਰਸ ਗਠਜੋੜ ਜੋ  ਅਗਲੀਆਂ ਸੰਸਦੀ ਚੋਣਾਂ ਦੇ ਸੰਬੰਧ ਵਿਚ ਛੇਤੀ ਹੀ ਬਣਨ ਜਾ ਰਿਹਾ ਹੈ, ਨੂੰ ਵੀ ਨਕਾਰਨ । ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਤੁਹਾਨੂੰ ਅਤੇ ਸੂਬੇ ਨੂੰ ਲੁੱਟਿਆ ਹੈ ਤੇ ਹੁਣ ਇਹ ਅਪਵਿੱਤਰ ਗਠਜੋੜ ਜੋਕਿ  ਸੂਬੇ ਦੇ ਹਿੱਤਾਂ ਲਈ ਮਾਰੂ ਸਾਬਤ ਹੋਣ ਵਾਲਾ ਹੈ ਕਰ ਕੇ ਤੁਹਾਡੀਆਂ ਵੋਟਾਂ ਲੁੱਟਣਾ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇੱਕ ਖੇਤਰੀ ਪਾਰਟੀ ਹੋਣ ਦੇ ਕਾਰਨ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸਦਾ ਇਕਲੌਤਾ ਮਕਸਦ ਪੰਜਾਬੀਆਂ ਦੀ ਭਲਾਈ ਦੀ ਰਾਖੀ ਕਰਨਾ ਅਤੇ ਉਹਨਾਂ ਦੇ ਹੱਕਾਂ ਲਈ ਲੜ ਕੇ ਸੂਬੇ ਨੂੰ ਅੱਗੇ ਲਿਜਾਣਾ ਹੈ। ਇਹੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਂਗਰਸ ਤੇ ਆਪ ਦੋਵਾਂ ਦਾ ਅਸਲੀ ਕਿਰਦਾਰ ਪਛਾਣਨ। ਉਹਨਾਂ ਕਿਹਾ ਕਿ ਕਾਂਗਰਸ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਤੇ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਤੇ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਰੋਧੀ ਹਨ ਤੇ ਉਹ ਰਲ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ’ਤੇ ਲੱਗੀਆਂ ਹਨ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ ਅਕਾਲੀ ਦਲ ਹੀ ਉਹਨਾਂ ਦੇ ਮਾੜੇ ਮਨਸੂਬਿਆਂ ਦੇ ਰਾਹ ਵਿਚ ਅੜਿਕਾ ਹੈ।ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿੱਧਾ ਹਮਲਾ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਤੁਸੀਂ ਅਜਿਹੇ ਮੁੱਖ ਮੰਤਰੀ ’ਤੇ ਕਿਵੇਂ ਭਰੋਸਾ ਕਰ ਸਕਦੇ ਹੋ  ਜਿਸਨੂੰ ਸ਼ਰਾਬੀ ਹੋਣ ਕਾਰਨ ਫਰੈਂਕਫਰਟ ਵਿਚ ਹਵਾਈ ਜਹਾਜ਼ ਵਿਚੋਂ ਲਾਹ ਦਿੱਤਾ ਗਿਆ। ਉਹਨਾਂ ਕਿਹਾ ਕਿ ਭਗਵੰਤ ਮਾਨ ਬਤੌਰ ਗ੍ਰਹਿ ਮੰਤਰੀ ਵੀ ਫੇਲ੍ਹ ਹਨ ਕਿਉਂਕਿ ਉਹਨਾਂ ਦੇ ਵਿਧਾਇਕ ਨਸ਼ਾ ਤਸਕਰਾਂ ਤੋਂ ਮਹੀਨੇ ਲੈ ਰਹੇ ਹਨ ਤੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਤੋਂ ਰੋਕ ਰਹੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਸਾਬਤ ਹੋਏ ਹਨ ਜਿਸ ਕਰਕੇ ਇੰਡਸਟਰੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵੱਲ ਜਾ ਰਹੀ ਹੈ । ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਗੱਦਾਰਾਂ ਦੀ ਪਛਾਣ ਕਰਨ ਜੋ ਪੰਥ ਦੇ ਏਕੇ ਦੇ ਰਾਹ ਵਿਚ ਰੁਕਾਵਟ ਬਣ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਤਾਕਤਾਂ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਾਫ ਦਿਲ ਨਾਲ ਮੰਗੀ ਮੁਆਫੀ ਤੋਂ ਪ੍ਰੇਸ਼ਾਨ ਹੋ ਗਏ ਹਨ। ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਚੋਣਾਂ ਲਈ ਵੋਟਾਂ ਰਜਿਸਟਰ ਕਰਵਾਉਣ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ  ਕਿਹਾ ਕਿ ਸੁਖਬੀਰ ਸਿੰਘ ਬਾਦਲ ਵੀ ਸਰਦਾਰ ਬਾਦਲ ਦੇ ਦਰਸਾਏ ਰਾਹ ’ਤੇ ਚਲ ਰਹੇ ਹਨ ਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲਕੀਤੀ  ਕਿ ਉਹ ਪੰਜਾਬ ਨੂੰ ਮੁੜ ਤੋਂ ਸ਼ਾਂਤੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਵਾਸਤੇ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕਰਨ। ਇਸ ਮੌਕੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸੀਨੀਅਰ ਆਗੂ ਕੰਵਰਜੀਤ ਸਿੰਘ ਬਰਕੰਦੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਵੀ ਸੰਬੋਧਨ ਕੀਤਾ।