ਪੀਏਯੂ ਲੁਧਿਆਣਾ ਵਿਖੇ ਮੁੱਖ ਮੰਤਰੀ ਅਤੇ ਵਿਰੋਧੀ ਪਾਰਟੀਆਂ ਦੀ ਖੁੱਲ੍ਹੀ ਬਹਿਸ ਹੋਣ ਦੇ ਚਰਚੇ

ਲੁਧਿਆਣਾ, 12 ਅਕਤੂਬਰ : ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਨੂੰ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬਹਿਸ ਕਰਨ ਦਾ ਸੱਦਾ ਦਿੱਤਾ ਗਿਆ ਸੀ, ਇਸ ਨਾਲ ਸਬੰਧਿਤ ਅੱਜ ਇੱਕ ਨਵੀਂ ਗੱਲ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਦਿੱਤੇ ਸੱਦੇ ਤਹਿਤ ਅੱਜ ਪੀਏਯੂ ਲੁਧਿਆਣਾ ਵਿਖੇ ਇੱਕ ਹਾਲ ਦੀ ਬੁਕਿੰਗ ਕੀਤੇ ਜਾਣ ਦੀ ਚਰਚਾ ਹੈ। ਮੀਡੀਆ ਅਤੇ ਲੋਕਾਂ ਵਿੱਚ ਵੱਡੀ ਚਰਚਾ ਬਣੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਕਾਰ ਹੋਣ ਵਾਲੀ ਖੁੱਲ੍ਹੀ ਬਹਿਸ ਦਾ ਕੀ ਨਤੀਜਾ ਕੀ ਨਿੱਕਲੇਗਾ। ਜਿਕਰਯੋਗ ਹੈ ਕਿ ਇਸ ਖੁੱਲ੍ਹੀ ਬਹਿਸ ਨੂੰ ਕਰਵਾਉਣ ਲਈ ਪਹਿਲਾਂ ਟੈਗੋਰ ਥਿਏਟਰ ਕਰਵਾਉਣ ਦੀ ਗੱਲ ਸਾਹਮਣੇ ਆਈ ਸੀ, ਪਰ ਉੱਥੋਂ ਦੇ ਨਿਰਦੇਸ਼ਕ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਥੀਏਟਰ ਵਿੱਚ ਸੱਭਿਆਚਾਰਕ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇੱਥੇ ਕੋਈ ਸਿਆਸੀ ਬਹਿਸ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੋਣਗੇ। ਇਸੇ ਕਾਰਨ ਹੁਣ ਪੰਜਾਬ ਸਰਕਾਰ ਵੱਲੋਂ ਪੀਏਯੂ, ਲੁਧਿਆਣਾ ਵਿੱਚ ਡਿਬੇਟ ਦਾ ਆਯੋਜਨ ਕੀਤਾ ਗਿਆ ਹੈ। ਹੁਣ ਲੁਧਿਆਣਾ ਵਿੱਚ ਖੁੱਲ੍ਹੀ ਬਹਿਸ ਹੋਵੇਗੀ।  ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ 20 ਅਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਜਾ ਰਹੇ ਸੈਸ਼ਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ 1 ਨਵੰਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਬਹਿਸ ਲਈ ਸੱਦਾ ਦਿੱਤਾ ਸੀ।