- ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
- ਆਧੁਨਿਕ ਤਕਨਾਲੋਜੀ ਨਾਲ ਲੈਸ ਨੌਜਵਾਨਾਂ ਦੀ ਕਾਬਲੀਅਤ ਜੁਰਮ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਵਿਚ ਸਹਾਈ ਹੋਵੇਗੀ
- ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ
ਚੰਡੀਗੜ੍ਹ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਮਾਪਦੰਡ ਰਾਹੀਂ ਨਿਰੋਲ ਮੈਰਿਟ ਦੇ ਆਧਾਰ ਉਤੇ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਪੰਜਾਬ ਪੁਲੀਸ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਿਸ ਵਿਚ ਸਿਵਲੀਅਨਜ਼ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਸਰ ਕਰਨ ਲਈ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਲੋੜ ਮੁਤਾਬਕ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਤਸੱਲੀ ਤੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਦੇਸ਼ ਭਰ ਵਿਚ ਬਿਹਤਰੀਨ ਫੋਰਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ 144 ਨੌਜਵਾਨ ਆਧੁਨਿਕ ਤਕਨਾਲੋਜੀ ਦੀ ਡੂੰਘੀ ਸਮਝ ਰੱਖਦੇ ਹਨ ਤੇ ਇਸ ਕਾਬਲੀਅਤ ਸਦਕਾ ਉਹ ਪਰਦੇ ਪਿੱਛੇ ਰਹਿ ਕੇ ਜੁਰਮ ਕਰਨ ਵਾਲਿਆਂ ਨੂੰ ਕਾਬੂ ਕਰਨ ਵਿਚ ਸਹਿਯੋਗ ਕਰਿਆ ਕਰਨਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਦੇ ਨਾਲ-ਨਾਲ ਇਸ ਦੀ ਸਮਰੱਥਾ ਹੋਰ ਵਧੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇਕ ਸਾਲ ਵਿਚ ਬਹੁਤ ਵੱਡੇ ਅਪ੍ਰੇਸ਼ਨਾਂ ਨੂੰ ਅੰਜ਼ਾਮ ਦਿੱਤਾ ਹੈ ਜਿਸ ਦੀ ਦੇਸ਼ ਭਰ ਵਿਚ ਸ਼ਲਾਘਾ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਡੇਟ ਕਰਨ ਲਈ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਵਿਆਪਕ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਰਸਮੀ ਸਮਝੌਤੇ ‘ਤੇ ਜਲਦੀ ਹੀ ਦਸਤਖਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਸਮਰੱਥਾ ਵਧਾਉਣ ਵਿੱਚ ਮਦਦ ਕਰੇਗਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪੁਲਿਸ ਥਾਣਿਆਂ ਦੀ ਕਾਇਆ ਕਲਪ ਕਰਨ ਲਈ ਬਹੁਤ ਸਾਰੇ ਸਾਧਨ ਮੁਹੱਈਆ ਕਰਵਾ ਕੇ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਵਾਹਨਾਂ, ਹਥਿਆਰਾਂ ਅਤੇ ਹੋਰਾਂ ਦੇ ਮਾਮਲੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ, “ਮੈਂ ਇਕ ਸਾਂਝੇ ਪਰਿਵਾਰ ਤੋਂ ਹਾਂ ਅਤੇ ਜ਼ਮੀਨੀ ਪੱਧਰ ‘ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਹੋਏ ਨੌਜਵਾਨਾਂ ਨੂੰ ਪੁਲਿਸ ਫੋਰਸ ਵਿੱਚ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ ਜੋ ਫੋਰਸ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਟੀਮ ਵਜੋਂ ਕੰਮ ਕਰਨ ਲਈ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਪੁਲਿਸ ਦਾ ਮਨੋਬਲ ਡੇਗਣ ਦੀ ਇਜਾਜ਼ਤ ਨਹੀਂ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਨਾਲ ਪੰਜਾਬ ਪੁਲਿਸ ਪੂਰੀ ਸਮਰੱਥਾ ਨਾਲ ਨਜਿੱਠਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਇਹ ਨਾਪਾਕ ਇਰਾਦੇ ਸਫਲ ਨਹੀਂ ਹੋਣ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ ਜੋ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਬੋਝ ਮੁਕਤ ਕਰਨ ਲਈ ਛੁੱਟੀਆਂ ਦੀ ਵਿਵਸਥਾ ਸਮੇਤ ਹੋਰ ਢੰਗ-ਤਰੀਕੇ ਤਲਾਸ਼ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 29,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਪੜਾਅਵਾਰ ਨੌਕਰੀਆਂ ਦੇਣ ਦੇ ਵਿਆਪਕ ਕਾਰਜ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਪਹਿਲੂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਠੋਸ ਵਿਧੀ ਅਪਣਾਈ ਗਈ ਜਿਸ ਕਾਰਨ ਇਨ੍ਹਾਂ 29000 ਤੋਂ ਵੱਧ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੇ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਵਧਣ-ਫੁੱਲਣ ਦੇ ਮੌਕੇ ਮਿਲੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ ਕਿ ਇੱਕ ਨੌਜਵਾਨ ਨੂੰ ਸ਼ੁਰੂ ਵਿੱਚ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਸਹਾਇਕ ਲਾਈਨਮੈਨ ਨਿਯੁਕਤ ਹੋ ਗਿਆ ਅਤੇ ਉਸ ਤੋਂ ਬਾਅਦ ਉਪ ਮੰਡਲ ਅਫ਼ਸਰ (ਐਸ.ਡੀ.ਓ.) ਵਜੋਂ ਨਿਯੁਕਤ ਹੋ ਗਿਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕਾਂਸਟੇਬਲਾਂ ਦੀਆਂ 1750 ਅਸਾਮੀਆਂ ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਲਈ 3 ਲੱਖ ਦੇ ਕਰੀਬ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੇ ਸਰੀਰ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਨੌਜਵਾਨ ਵਿਦੇਸ਼ਾਂ ਤੋਂ ਪਰਤ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਸਰਗਰਮ ਹਿੱਸੇਦਾਰ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਲੀਹੋਂ ਹਟਵੀਂ ਪਹਿਲਕਦਮੀ ਸੂਬੇ ਦੀ ਕਾਇਆ-ਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਆਪਣੇ ਸੰਬੋਧਨ ਵਿੱਚ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਨੇ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਭਰਤੀ ਪੰਜਾਬ ਪੁਲਿਸ ਵਿੱਚ ਵਿਗਿਆਨਕ ਜਾਂਚ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਿਵੇਕਲੀ ਅਤੇ ਲੀਹੋਂ ਹਟਵੀਂ ਪਹਿਲਕਦਮੀ ਹੈ।