ਪੰਜਾਬ ’ਚ 2.40 ਲੱਖ ਹੈਕਟੇਅਰ ਰਕਬੇ ’ਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਹੋਇਆ ਨੁਕਸਾਨ

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹਾਂ ਕਾਰਨ ਲਗਭਗ 2.40 ਲੱਖ ਹੈਕਟੇਅਰ ਝੋਨੇ ਦੀ ਫਸਲ ਤਬਾਹ ਹੋਣ ਦਾ ਖਦਸ਼ਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਕਿਹਾ, ‘‘ਮੀਂਹ ਕਾਰਨ 2.40 ਲੱਖ ਹੈਕਟੇਅਰ ਰਕਬੇ ’ਚ ਝੋਨੇ ਦੀ ਫਸਲ ਪ੍ਰਭਾਵਿਤ ਹੋਈ ਹੈ ਅਤੇ ਇਸ ’ਚੋਂ 83,000 ਹੈਕਟੇਅਰ ਤੋਂ ਵੱਧ ਰਕਬੇ ’ਚ ਦੁਬਾਰਾ ਬਿਜਾਈ ਕੀਤੀ ਜਾਵੇਗੀ।’’ ਉਨ੍ਹਾਂ ਦਸਿਆ ਕਿ ਪਟਿਆਲਾ, ਸੰਗਰੂਰ, ਮੋਹਾਲੀ, ਲੁਧਿਆਣਾ, ਜਲੰਧਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ’ਚ ਝੋਨੇ ਦੀ ਫ਼ਸਲ ਨੂੰ ਮੁੱਖ ਤੌਰ ’ਤੇ ਨੁਕਸਾਨ ਪਹੁੰਚਿਆ ਹੈ। ਅਧਿਕਾਰੀ ਨੇ ਦਸਿਆ ਕਿ ਕਿਸਾਨਾਂ ਨੂੰ ਫ਼ਸਲ ਦੀ ਮੁੜ ਬਿਜਾਈ ਲਈ ਝੋਨੇ ਦੀਆਂ ਨਰਸਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਝੋਨੇ ਅਤੇ ਬਾਸਮਤੀ ਦੀਆਂ ਪੀ.ਆਰ. 126 ਕਿਸਮ ਬੀਜਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਫਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਪੰਜਾਬ ’ਚ 30 ਲੱਖ ਹੈਕਟੇਅਰ ਤੋਂ ਵੱਧ ਰਕਬੇ ’ਚ ਝੋਨਾ ਉਗਾਇਆ ਜਾਂਦਾ ਹੈ।