ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 28 ਅਗਸਤ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜਾਈ ਵਿੱਚ ਫੰਡਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।