ਪੰਚਾਇਤੀ ਚੋਣਾਂ ਲਈ 30 ਸਤੰਬਰ ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਦਾਖਲ

ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਸਤੰਬਰ 2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 4 ਅਕਤੂਬਰ ਤੱਕ ਜਾਰੀ ਰਹਿਣਗੀਆਂ। ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ, ਜਿਸ ਅਨੁਸਾਰ ਸੂਬੇ ਵਿੱਚ ‘ਡਿਫਾਲਟਰ’ ਵਿਅਕਤੀ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਕਿਉਂਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਹੈ।