ਚੰਡੀਗੜ੍ਹ, 3 ਨਵੰਬਰ 2024 : ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਦਿੱਲੀ ਤੋਂ ਸਰਕਾਰ ਚਲਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। ਵਿਧਾਇਕ ਨੇ ਸੋਸ਼ਲ ਮੀਡੀਆ ਤੇ ਲਿਖਿਆ, ਪੰਜਾਬ ਦੇ ਅਫਸਰਾਂ, ਡਿਪਟੀ ਕਮਿਸ਼ਨਰਾਂ, ਮੰਤਰੀਆਂ ਨੂੰ ਜਿਸ ਤਰੀਕੇ ਨਾਲ ਲਗਾਤਾਰ ਦਿੱਲੀ ਸੱਦ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੂਬੇ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ। 'ਨੌਲੇਜ ਸ਼ੇਅਰਿੰਗ ਐਗਰੀਮੈਂਟ' ਦੇ ਨਾਮ 'ਤੇ ਬਤੌਰ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਪੰਜਾਬ ਨੂੰ ਦਿੱਲੀ ਦੇ ਹੱਥ ਗਿਰਵੀ ਰੱਖਿਆ ਹੈ, ਇਸ ਲਈ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ ਹਾਲ ਹੀ ਵਿੱਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਦੇ ਅਧਿਕਾਰੀ ਅਤੇ ਸੂਬੇ ਦੇ ਕਈ ਉੱਚ ਅਧਿਕਾਰੀ ਮੀਟਿੰਗ ਲਈ ਦਿੱਲੀ ਗਏ ਸਨ ਜਿਸ ਵਿੱਚ ਪੰਜਾਬ ਵਿੱਚ ਨਗਰ ਨਿਗਮਾਂ ਅਧੀਨ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਦਿੱਲੀ ਦੀ ਤਰਜ਼ ’ਤੇ ਸਹੂਲਤਾਂ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਬੈਠਕ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਹ ਸਾਰਾ ਯਤਨ 'ਨੌਲੇਜ ਸ਼ੇਅਰਿੰਗ ਐਗਰੀਮੈਂਟ' ਤਹਿਤ ਕੀਤਾ ਗਿਆ ਹੈ। ਇਸ ਦੌਰਾਨ ਅਧਿਕਾਰੀਆਂ ਨੂੰ ਦਿੱਲੀ ਵਿੱਚ ਚੱਲ ਰਹੇ ਸਿਸਟਮ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਦਿੱਲੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਅਤੇ ਪਹਿਲੂਆਂ ਬਾਰੇ ਤਜ਼ਰਬੇ ਸਾਂਝੇ ਕੀਤੇ ਗਏ।