ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 11 ਮਾਰਚ : ਪੰਜਾਬ ਵਿਧਾਨ ਸਭਾ 'ਚ ਬਜਟ 2023-24 'ਤੇ ਬਹਿਸ ਦੌਰਾਨ, ਭਾਜਪਾ ਵਿਧਾਇਕਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ 'ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਜਟ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਨਾ ਦੇ ਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਹੈ। ਸ਼ੁੱਕਰਵਾਰ ਨੂੰ ਜਿਵੇਂ ਹੀ ਪੰਜਾਬ ਦਾ ਬਜਟ ਸ਼ੁਰੂ ਹੋਇਆ ਤਾਂ ਔਰਤਾਂ ਟੀਵੀ ਦੇ ਸਾਹਮਣੇ ਬੈਠ ਗਈਆਂ ਪਰ ਦੋ ਘੰਟੇ ਬਾਅਦ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਾਲ ਵਿੱਚ ਦੋ ਬਜਟ ਆਉਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਇੱਕ ਸਾਲ ਵਿੱਚ 504 ਮੁਹੱਲਾ ਕਲੀਨਿਕ ਖੋਲ੍ਹਣ ਤੋਂ ਬਾਅਦ ਹੁਣ 142 ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਚੱਲ ਰਹੀ ਹੈ ਪਰ ਕੀ ਸਰਕਾਰ ਇਸ ਰਫ਼ਤਾਰ ਨਾਲ 5 ਸਾਲਾਂ ਵਿੱਚ 16000 ਕਲੀਨਿਕ ਖੋਲ੍ਹ ਸਕੇਗੀ। ਬਹਿਸ ਦੌਰਾਨ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਕੇਂਦਰ ਦੀਆਂ ਸਕੀਮਾਂ ਨੂੰ ਪੰਜਾਬ ਵਿੱਚ ਲਾਗੂ ਨਹੀਂ ਕਰ ਸਕੀ।