ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ 

  • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ  ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ
  • ਕਿਸਾਨ ਝੋਨੇ ਦੀ ਪਨੀਰੀ ਲਈ "77106-65725" ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 28 ਜੁਲਾਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸੇ ਵੀ ਕਿਸਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਝੋਨੇ ਦੀ ਪਨੀਰੀ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਖੇਤੀਬਾੜੀ ਮੰਤਰੀ ਅੱਜ ਇੱਥੇ ਕਿਸਾਨ ਭਵਨ ਵਿਖੇ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਇਸ ਕੁਦਰਤੀ ਆਫ਼ਤ ਵਿੱਚ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ, ਜਿਸ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਝੋਨੇ ਦੀ ਪਨੀਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖੇਤਰਾਂ. ਜਿੱਥੇ ਹੜ੍ਹਾਂ ਕਾਰਨ ਫ਼ਸਲ ਨੁਕਸਾਨੀ ਗਈ ਹੈ, ਵਿੱਚ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਬੀਜ ਜਾਂ ਖਾਦ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵੱਲੋਂ ਨਕਲੀ ਬੀਜਾਂ ਅਤੇ ਖਾਦਾਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।