ਅਕਾਲੀ ਦਲ ਦੇ ਪ੍ਰਧਾਨ ਨੇ 1 ਫਰਵਰੀ ਤੋਂ ਸ਼ੁਰੂ ਹੋ ਰਹੀ ਪੰਜਾਬ ਬਚਾਓ ਯਾਤਰਾ ਦਾ ਕੈਲੰਡਰ ਕੀਤਾ ਰਿਲੀਜ਼

ਚੰਡੀਗੜ੍ਹ, 30 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 1 ਫਰਵਰੀ ਤੋਂ ਸ਼ੁਰੂ ਹੋ ਰਹੀ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦਾ ਕੈਲੰਡਰ ਅਤੇ ਨਾਲ ਇਕ ਪਰਚਾ ਜਾਰੀ ਕੀਤਾ ਜਿਸ ਵਿਚ ਅਕਾਲੀ ਦਲ ਦੀਆਂ ਸਰਕਾਰਾਂ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਪਿਛਲੀ ਅਕਾਲੀ ਦਲ ਦੀ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਪਰਚੇ (ਪੈਂਫਲੈਟ) ਵਿਚ ਦੱਸਿਆ ਗਿਆ ਹੈ ਕਿ ਕਿਵੇਂ ਅਕਾਲੀ ਦਲ ਨੇ ਨਾ ਸਿਰਫ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਬਲਕਿ 3.81 ਲੱਖ ਟਿਊਬਵੈਲ ਕੁਨੈਕਸ਼ਨ ਵੀ ਪ੍ਰਦਾਨ ਕੀਤੇ। ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਵੇਲੇ ਸੜਕ ਨੈਟਵਰਕ ਸਿਸਟਮ ਨੂੰ ਪੂਰੀ ਤਰ੍ਹਾਂ ਨਵੇਂ ਸਿਰੇ ਤੋਂ ਬਣਾਇਆ ਗਿਆ ਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਚਹੁੰ ਮਾਰਗੀ ਹਾਈਵੇ ਬਣਾਏ ਗਏ। ਇਹ ਵੀ ਦੱਸਿਆ ਗਿਆ ਕਿ ਸੂਬੇ ਦੇ ਛੇ ਵਿਚੋਂ ਪੰਜ ਥਰਮਲ ਪਲਾਂਟ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਲੱਗੇ ਅਤੇ ਅੰਮ੍ਰਿਤਸਰ, ਮੁਹਾਲੀ, ਬਠਿੰਡਾ, ਸਾਹਨੇਵਾਲ, ਆਦਮਪੁਰ ਤੇ ਪਠਾਨਕੋਟ ਹਵਾਈ ਅੱਡੇ ਇਸਦੀਆਂ ਸਰਕਾਰਾਂ ਵੇਲੇ ਬਣਾਏ ਗਏ। ਇਹ ਵੀ ਦੱਸਿਆ ਗਿਆ ਕਿ ਅਕਾਲੀ ਦਲ ਦੀ ਸਰਕਾਰ ਨੇ 3.5 ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਅਤੇ ਏਮਜ਼ ਬਠਿੰਡਾ, ਕੈਂਸਰ ਹਸਪਤਾਲ ਬਠਿੰਡਾ, ਹੋਮੀ ਭਾਬਾ ਇੰਸਟੀਚਿਊਟ, ਆਈ ਆਈ ਐਮ ਅਤੇ ਆਈ ਆਈ ਟੀ ਸਮੇਤ ਹੋਰ ਪ੍ਰਤੀਸ਼ਠਤ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ।