ਸਭ ਮਿਲ ਜੁਲ ਕੇ ਸੂਬੇ ਦੀਆਂ ਭਲਾਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ : ਕਟਾਰੀਆ

ਚੰਡੀਗੜ੍ਹ, 13 ਅਗਸਤ 2024 : ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਫਸਰਾਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਸਮੀਖਿਆ ਕੀਤੀ। ਰਾਜਪਾਲ ਨੇ ਇਸ ਮੌਕੇ ਆਈ.ਏ.ਐਸ ਅਧਿਕਾਰੀਆਂ ਨਾਲ ਆਮ ਜਾਣ ਪਹਿਚਾਣ ਤੋਂ ਬਾਅਦ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਸਭ ਮਿਲ ਜੁਲ ਕੇ ਸੂਬੇ ਦੀਆਂ ਭਲਾਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਦਾ ਯਤਨ ਕਰਨ ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਮੇਂ ਸਮੇਂ ‘ਤੇ ਵਿਕਾਸ ਕਾਰਜਾਂ ਅਤੇ ਭਾਲਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਉਹ ਖੁੱਦ ਸੂਬਾ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ ‘ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨਗੇ। ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ‘ਚ ਦਿੱਕਤਾਂ ਨਾ ਆਉਣ ਦਿੱਤੀਆਂ ਜਾਣ ਅਤੇ ਕੰਮ ਕਾਜ ਵਾਲੇ ਦਿਨਾਂ ਵਿੱਚ ਆਈ.ਏ.ਐਸ ਅਧਿਕਾਰੀ ਖੁੱਦ ਅਤੇ ਉਨ੍ਹਾਂ ਦੇ ਅਧੀਨ ਕੰਮ ਕਰਨ ਵਾਲੇ ਅਧਿਕਾਰੀ ਆਮ ਲੋਕਾਂ ਨੂੰ ਮਿਲਣ ਲਈ ਸਮਾਂ ਨਿਸ਼ਚਿਤ ਕਰਨ। ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਗਏ ਵਿਕਾਸ ਪ੍ਰਸਤਾਵਾਂ ਬਾਰੇ ਨਿਰੰਤਰ ਸਬੰਧਤ ਕੇਂਦਰੀ ਅਧਿਕਾਰੀਆਂ ਨਾਲ ਰਾਬਤਾ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਿਸੇ ਵੀ ਪੱਧਰ ‘ਤੇ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਦਿੱਕਤ ਆਂਉਦੀ ਹੈ ਤਾਂ ਉਨਾਂ ਦੀ ਸਹਾਇਤਾ ਲੈ ਸਕਦੇ ਹਨ।