ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਨਵੇਂ ਸਾਲ ਉਤੇ 3 ਹਜ਼ਾਰ ਤੋਂ ਵੱਧ ਮਾਸਟਰ ਕਾਡਰ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਹੋਰ ਵੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਆਧਾਰ ਉਤੇ ਕੀਤੀ ਗਈ ਹੈ। ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ ਜਿਸ ਨਾਲ ਸਾਡੀ ਸਕੂਲ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲੀਸ ਵਿਭਾਗ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਹੁਣ ਨੌਜਵਾਨਾਂ ਨੂੰ ਤਿਆਰੀ ਕਰਨ ਦਾ ਸਮਾਂ ਮਿਲੇਗਾ। ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਵਿਚ ਭਲਕੇ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਨਾਲ ਮਾਪਿਆਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਸ਼ਖਸੀਅਤ ਬਾਰੇ ਵਿਸਥਾਰ ਵਿਚ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਮੂਹ ਮਾਪਿਆਂ ਨੂੰ ਇਸ ਮਿਲਣੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਥਾਪਤ ਕੀਤੇ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਨਾਲ ਨੌਵੀਂ ਤੇ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਮਨਪਸੰਦ ਕਿੱਤੇ ਚੁਣਨ ਲਈ ਤਿਆਰੀ ਕਰਵਾਈ ਜਾਵੇਗੀ।