ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

  • ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ

ਚੰਡੀਗੜ੍ਹ, 1 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ.ਐਸ.ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਖੇ ਆਈਪੀਸੀ ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿੱਚ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 5000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।