ਭਾਈ ਰਾਜੋਆਣਾ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਜਿਹਨਾਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ : ਹਰਸਿਮਰਤ ਕੌਰ ਬਾਦਲ

  • ਕਿਹਾ ਕਿ ਮਰਹਮ ਲਾਉਣ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀਆਂ ਤਾਕਤਾਂ ਨੂੰ ਮਜ਼ਬੂਤੀ ਮਿਲੇਗੀ
  • ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਮਗਰੋਂ ਸਿੱਖਾਂ ਨੂੰ ਜੇਲ੍ਹਾਂ ਵਿਚ ਡੱਕੇ ਰਹਿਣ ਵਿਚ ਕੋਈ ਤਰਕ ਨਹੀਂ ਬਣਦਾ

ਚੰਡੀਗੜ੍ਹ, 18 ਅਗਸਤ : ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ ਵਾਸਤੇ ਅਪੀਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਜਿਹਨਾਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਇਕ ਅਪੀਲ ਵਿਚ ਕਿਹਾ ਕਿ ਭਾਈ ਰਾਜੋਆਣਾ ਦੀ ਤੁਰੰਤ ਰਿਹਾਈ ਪ੍ਰਧਾਨ ਮੰਤਰੀ ਵੱਲੋਂ ਸਿੱਖ ਕੌਮ ਦੇ 1984 ਦੇ ਕਤਲੇਆਮ ਕਾਰਨ ਮਿਲੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰੇਗੀ। ਉਹਨਾਂ ਕਿਹਾ ਕਿ ਇਹ ਜ਼ਖ਼ਮ 1984 ਦੌਰਾਨ ਕਾਂਗਰਸ ਦੇ ਰਾਜ ਵਿਚ ਮਿਲੇ ਸਨ। ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਕਾਰਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀਆਂ ਤਾਕਤਾਂ ਪੰਜਾਬ ਵਿਚ ਮਜ਼ਬੂਤ ਹੋਣਗੀਆਂ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿਰਫ ਆਮ ਐਲਾਨ ਹੀ ਨਹੀਂ ਕੀਤਾ ਸੀ ਬਲਕਿ ਇਕ ਪਵਿੱਤਰ ਵਾਅਦਾ ਦੁਨੀਆਂ ਸਾਹਮਣੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਸਿੱਖ ਕੌਮ ਨਾਲ ਅਨਿਆਂ ਬੰਦ ਕੀਤਾ ਜਾਵੇਗਾ ਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇਗੀ। ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਈ ਰਾਜੋਆਣਾ ਤੇ ਉਹਨਾਂ ਵਰਗੇ ਹੋਰ ਸਿੱਖ ਇੰਦਰਾ ਗਾਂਧੀ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਤੋਪਾਂ ਤੇ ਟੈਂਕਾਂ ਨਾਲ ਹਮਲੇ ਕਰਨ ਕਾਰਨ ਬਹੁਤ ਵਲੂੰਧਰ ਗਏ ਸਨ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੇ ਰਿਲੀਜ਼ ਹੋਣ ਮਗਰੋਂ ਭਾਈ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਹੋਰ ਬੰਦੀ ਸਿੱਖਾਂ ਨੂੰ ਜੇਲ੍ਹ ਵਿਚ ਰੱਖਣ ਦਾ ਕੋਈ ਤੁੱਕ ਨਹੀਂ ਬਣਦਾ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਪਹਿਲਾਂ ਹੀ 28 ਸਾਲ ਜੇਲ੍ਹ ਵਿਚ ਬਿਤਾ ਲਏ ਹਨ ਤੇ ਇਹਨਾਂ ਵਿਚੋਂ 16 ਸਾਲ ਫਾਂਸੀ ਦੀ ਚੱਕੀ ਵਿਚ ਬਿਤਾਏ ਹਨ। ਉਹਨਾਂ ਹੋਰ ਕਿਹਾ ਕਿ ਸਿੱਖਾਂ ਦੀ ਧਰਮ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ 12 ਸਾਲਾਂ ਤੋਂ ਪੈਂਡਿੰਗ ਹੈ। ਉਹਨਾਂ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਨੇਟੀਫਿਕੇਸ਼ਨ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ ਜਿਵੇਂ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਐਲਾਨ ਕੀਤਾ ‌ਗਿਆ ਸੀ। ਸਰਦਾਰਨੀ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ ਜਿਸ ਸਦਕਾ ਭਾਈ ਰਾਜੋਆਣਾ ਦੀ ਰਿਹਾਈ ਹੋਵੇ। ਉਹਨਾਂ ਹੋਰ ਕਿਹਾ ਕਿ ਭਾਈ ਰਾਜੋਆਣਾ ਨੇ 2020 ਵਿਚ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਆਖਿਆ ਸੀ ਕਿ ਸ਼੍ਰੋਮਣੀ ਕਮੇਟੀ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲਿਆ ਜਾਵੇ। ਉਹਨਾਂ ਕਿਹਾ ਕਿ ਤਿੰਨ ਚੀਫ ਜਸਟਿਸ ਨੇ ਕਿਹਾ ਸੀ ਕਿ ਇਸ ਮਾਮਲੇ ’ਤੇ ਸਰਕਾਰ ਤੇਜ਼ੀ ਨਾਲ ਫੈਸਲਾ ਲਵੇ। ਸਰਦਾਰਨੀ ਬਾਦਲ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਸਰਵਉੱਚ ਅਦਾਲਤ ਦੇ ਫੈਸਲੇ ਦੇ ਖਿਲਾਫ ਜੇਕਰ ਕੋਈ ਵਿਚਾਰ ਰੱਖਿਆ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਤੇ ਦੇਸ਼ ਦੇ ਹੋਰ ਭਾਗਾਂ ਵਿਚ ਵਿਚ ਸ਼ਾਂਤੀ ’ਤੇ ਅਸਰ ਪਵੇਗਾ। ਅਕਾਲੀ ਆਗੂ ਨੇ ਹੋਰ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ਤੇ ਸਿੱਖ ਮਾਮਲਿਆਂ ’ਤੇ ਫੈਸਲੇ ਅਸਲ ਵਿਚ ਦੇਸ਼ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨਗੇ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਦੇ ਸਭਿਅਕ ਵਰਤਾਰੇ ਜਿਸਦੀ ਜੇਲ੍ਹ ਅਧਿਕਾਰੀਆ ਨੇ ਪੁਸ਼ਟੀ ਕੀਤੀ, ਦੇ ਨਾਲ-ਨਾਲ ਉਹਨਾਂ ਦੇ ਅਕਾਲੀ ਦਲ ਦੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਹੱਕ ਵਿਚ ਸਟੈਂਡ ਲੈਣ ਦੀ ਹਮਾਇਤ ਨੇ ਸਰਕਾਰ ਦੇ ਭਾਈ ਰਾਜੋਆਣਾ ਦੀ ਰਿਹਾਈ ਦੇ ਸ਼ਾਂਤੀ ਤੇ ਫਿਰਕੂ ਸਦਭਾਵਨਾ ’ਤੇ ਅਖੌਤੀ ਸਟੈਂਡ ਨੂੰ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਕ ਵੀ ਹੋਰ ਮਿੰਟ ਤੱਕ ਭਾਈ ਰਾਜੋਆਣਾ ਨੂੰ ਜੇਲ੍ਹ ਵਿਚ ਰੱਖਣ ਦੀ ਕੋਈ ਕਾਨੂੰਨੀ, ਨੈਤਿਕ ਜਾਂ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਬਣਦੀ।