ਭਾਰਤ ਜੋੜੋ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਤਿਆਰੀਆਂ ਮੁਕੰਮਲ

ਚੰਡੀਗੜ੍ਹ, 28 ਦਸੰਬਰ : ਪੰਜਾਬ ਕਾਂਗਰਸ ਨੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਦਾ ਐਲਾਨ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਕੀਤਾ ਜਾਵੇਗਾ।ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੌਕੇ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਹਰੀਸ਼ ਚੌਧਰੀ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਓ.ਪੀ.ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇ.ਪੀ. ਦੇ ਇਲਾਵਾ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਮੌਜੂਦ ਸਨ।ਕਾਂਗਰਸੀ ਆਗੂਆਂ ਨੇ ਵੇਣੂਗੋਪਾਲ ਨੂੰ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਇਸ ਯਾਤਰਾ 'ਚ ਸੂਬੇ ਭਰ ਤੋਂ ਵੱਡੀ ਗਿਣਤੀ 'ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਗਈ।