ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮਾਰਚ ਕੱਢਿਆ ਗਿਆ।

ਚੰਡੀਗੜ੍ਹ, 9 ਮਾਰਚ : ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ ਵਿਧਾਨ ਸਭਾ ਵੱਲ ਮਾਰਚ ਕੱਢਿਆ ਗਿਆ। ਭਾਜਪਾ ਦੇ ਦਫਤਰ ਸੈਕਟਰ 37 ਵਿੱਚ ਇਕੱਠੇ ਹੋਏ ਵੱਡੀ ਗਿਣਤੀ ਭਾਜਪਾ ਵਰਕਰਾਂ ਵੱਲੋਂ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚਾਲੇ ਪਾਏ ਗਏ। ਭਾਜਪਾ ਦੀ ਸੂਬਾ ਲੀਡਰਸ਼ਿਪ ਦੀ ਅਗਵਾਈ ਵਿੱਚ ਜਦੋਂ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ ਤਾਂ ਥੋੜ੍ਹੀ ਦੂਰੀ ਉਤੇ ਹੀ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ। ਇਸ ਦੌਰਾਨ ਜਦੋਂ ਭਾਜਪਾ ਵਰਕਰਾਂ ਨੇ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਸੈਕਟਰ 37 ਵਿੱਚ ਭਾਜਪਾ ਵਰਕਰਾਂ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਆਗੂ ਸੁਭਾਸ਼ ਸ਼ਰਮਾ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਦਿਨੋਂ ਦਿਨ ਕਾਨੂੰਨ ਵਿਵਸਥਾ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਜਗਾਉਣ ਲਈ ਅੱਜ ਇਹ ਮਾਰਚ ਕੀਤਾ ਜਾ ਰਿਹਾ ਹੈ।