ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਅਤੇ ਆਪ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ, ਕਾਂਗਰਸ ਨਹੀਂ ਭਰੇਗੀ ਨਾਮਜ਼ਦਗੀਆਂ

ਚੰਡੀਗੜ 12 ਜਨਵਰੀ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਲਈ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।

  • ਚੰਡੀਗੜ੍ਹ ਕਾਂਗਰਸ ਨਹੀਂ ਭਰੇਗੀ ਨਾਮਜ਼ਦਗੀਆਂ

ਚੰਡੀਗੜ੍ਹ ਕਾਂਗਰਸ ਦੇ ਸਾਰੇ ਛੇ ਕੌਂਸਲਰਾਂ ਅਤੇ ਪਾਰਟੀ ਹਾਈਕਮਾਂਡ ਨਾਲ ਲੜੀਵਾਰ ਮੀਟਿੰਗਾਂ ਤੋਂ ਬਾਅਦ ਚੰਡੀਗੜ੍ਹ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਕੌਂਸਲਰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਨਹੀਂ ਭਰਨਗੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੇ 2021 ਦੀਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵਿਰੋਧੀ ਧਿਰ ਵਿੱਚ ਬੈਠਣ ਦਾ ਫਤਵਾ ਦਿੱਤਾ ਹੈ। ਚੰਡੀਗੜ੍ਹ ਦੇ ਵੋਟਰਾਂ ਦੀਆਂ ਇੱਛਾਵਾਂ ਦਾ ਸਤਿਕਾਰ ਕਰਦੇ ਹੋਏ ਪਾਰਟੀ ਨਗਰ ਨਿਗਮ ਵਿੱਚ ਇਮਾਨਦਾਰੀ ਨਾਲ ਪਰ ਜੋਰਦਾਰ ਢੰਗ ਨਾਲ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ। ਲੱਕੀ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਸ਼ਹਿਰ ਦੇ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਦੀ ਰਹੇਗੀ। ਲੱਕੀ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਅਤੇ ‘ਆਪ’ ਦੋਵਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਦੀ ਰਹੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਅਜਿਹੀਆਂ ਪਿਛਾਖੜੀ ਨੀਤੀਆਂ ਕਾਰਨ ਸ਼ਹਿਰ ਦੇ ਵਿਕਾਸ ਅਤੇ ਜਨਜੀਵਨ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ।

  • ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਵਾਰਡ ਨੰਬਰ 21 ਤੋਂ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਅਮਿਤ ਸ਼ਰਮਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮੇਅਰ ਦੀ ਨਾਮਜ਼ਦਗੀ ਲਈ ਆਮ ਆਦਮੀ ਪਾਰਟੀ ਦੁਪਹਿਰ 3.30 ਵਜੇ ਨਗਰ ਨਿਗਮ ਦਫ਼ਤਰ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ‘ਚ 17 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਹੈ।