ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ ਮਾਨ 

  • ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ
  • ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ
  • ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ

ਚੰਡੀਗੜ੍ਹ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ।