ਭਾਜਪਾ ਦੇ ਪਹਿਲੀ ਵਾਰ ਦਫਤਰ ਪਹੁੰਚੇ ਕੈਪਟਨ

ਪੰਜਾਬ ਭਾਜਪਾ 27 ਸਤੰਬਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ : ਸ਼ਰਮਾ

ਚੰਡੀਗੜ੍ਹ : ਪੰਜਾਬ ਭਾਜਪਾ ਸੂਬਾ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕਰਨ ਦੇ ਨਾਲ-ਨਾਲ 27 ਸਤੰਬਰ ਦਿਨ ਮੰਗਲਵਾਰ ਨੂੰ ਸਮਾਨਾਂਤਰ 'ਜਨਤਾ ਦੀ ਵਿਧਾਨ ਸਭਾ ਚਲਾਏਗੀ। ਇਹ ਐਲਾਨ ਸੋਮਵਾਰ ਨੂੰ ਪਾਰਟੀ ਹੈਡਕੁਆਰਟਰ ਵਿਖੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਸਮਾਨਾਂਤਰ ਮੰਗਲਵਾਰ ਨੂੰ ਵਿਧਾਨ ਸਭਾ ਕੰਪਲੈਕਸ ਵਿਚ 'ਜਨਤਾ ਦੀ ਵਿਧਾਨ ਸਭਾ' ਕਰਵਾਈ ਜਾਵੇਗੀ, ਜਿਸ ਵਿਚ ਉਹ ਸਾਰੇ ਮੁੱਦੇ ਉਠਾਏ ਜਾਣਗੇ ਜਿਨ੍ਹਾਂ 'ਨੂੰ ਹੱਲ ਕਰਨ ਵਿੱਚ ਭਗਵੰਤ ਮਾਨ ਸਰਕਾਰ ਫੇਲ ਸਾਬਿਤ ਹੋਈ ਹੈ ਅਤੇ ਇਨ੍ਹਾਂ ਨੂੰ ਹੱਲ ਕਰਨ ਤੋਂ ਭੱਜ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਵਿਸ਼ੇਸ਼ ਸੈਸ਼ਨ ਬੁਲਾ ਕੇ ਵਿਰੋਧੀ ਧਿਰ ਖਾਸ ਕਰਕੇ ਭਾਜਪਾ 'ਤੇ ਆਪਣੀਆਂ ਨਾਕਾਮੀਆਂ ਦਾ ਦੋਸ਼ ਲਗਾਉਣਾ ਚਾਹੁੰਦੀ ਹੈ। 'ਆਪਰੇਸ਼ਨ ਲੋਟਸ' ਦੇ ਨਾਂ 'ਤੇ 'ਆਪ' ਸਰਕਾਰ ਵੱਲੋਂ ਭਾਜਪਾ 'ਤੇ ਲਗਾਏ ਜਾ ਰਹੇ ਦੋਸ਼ਾਂ 'ਤੇ ਚੁਟਕੀ ਲੈਂਦਿਆਂ ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦੇ ਜਨਤਾ ਦੀ ਵਿਧਾਨ ਸਭਾ 'ਚ ਉਠਾਏ ਜਾਣਗੇ ਅਤੇ ਸਰਕਾਰ ਦੀਆਂ ਸਾਜ਼ਿਸ਼ਾਂ ਨੂੰ ਨੰਗਾ ਕਰਕੇ ਉਨ੍ਹਾਂ ਦਾ ਪਰਦਾਫਾਸ਼ ਵੀ ਕੀਤਾ ਜਾਵੇਗਾ। ਭਾਜਪਾ ਵਿਧਾਇਕਾਂ ਤੋਂ ਇਲਾਵਾ ਸੂਬਾ ਇਕਾਈ ਦੇ ਸਾਰੇ ਵੱਡੇ ਆਗੂ, ਜਿਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ, ਜੋ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਵੀ ਜਨਤਾ ਦੀ ਵਿਧਾਨ ਸਭਾ ਵਿੱਚ ਸ਼ਮੂਲੀਅਤ ਕਰਨਗੇ। ਪ੍ਰੈਸ ਕਾਨਫਰੰਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਸੁਨੀਲ ਜਾਖੜ, ਮਨੋਰੰਜਨ ਕਾਲੀਆ, ਡਾ: ਰਾਜ ਕੁਮਾਰ ਵੇਰਕਾ ਅਤੇ ਹਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ। ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹਿਲੀ ਵਾਰ ਭਾਜਪਾ ਦਫ਼ਤਰ ਪੁੱਜੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਰੱਜ ਕੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਕੋਈ ਰਾਜ ਨਹੀਂ ਹੈ। ਜਰਮਨੀ ਵਿੱਚ ਜੋ ਵਾਪਰਿਆ ਉਹ ਇੱਕ ਮੁੱਖ ਮੰਤਰੀ ਲਈ ਇੱਕ ਮੰਦਭਾਗੀ ਘਟਨਾ ਸੀ। ਇਹ ਰਾਘਵ ਚੱਢਾ ਹੀ ਹੈ ਜੋ ਅਰਵਿੰਦ ਕੇਜਰੀਵਾਲ ਦੀ ਕਮਾਨ ਹੇਠ ਸ਼ੋਅ ਚਲਾ ਰਿਹਾ ਹੈ। ਸਿਰਫ਼ ਛੇ ਮਹੀਨੇ ਸੱਤਾ ਵਿੱਚ ਰਹਿਣ ਤੋਂ ਬਾਅਦ ਇਨ੍ਹਾਂ ਨੂੰ ਸਰਕਾਰ ਲਈ ਭਰੋਸੇ ਦਾ ਵੋਟ ਲਿਆਉਣਾ ਪੈਂਦਾ ਹੈ। 'ਆਪ' ਲੀਡਰਸ਼ਿਪ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਇਹ ਹੈ ਕਿ ਤੁਸੀਂ ਆਪਣੇ ਲੋਕਾਂ ਦਾ ਭਰੋਸਾ ਪਹਿਲਾਂ ਹੀ ਗੁਆ ਚੁੱਕੇ ਹੋ। ਉਨ੍ਹਾਂ ਕਿਹਾ ਕਿ ਸਾਨੂੰ ਲੜਨ ਲਈ ਤਿਆਰ ਰਹਿਣਾ ਹੋਵੇਗਾ ਅਤੇ ਜਦੋਂ ਵੀ ਮੌਕਾ ਮਿਲੇਗਾ ਅਸੀਂ ਲੜਾਂਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। ਉਨ੍ਹਾਂ ਕਿਹਾ, ‘ਮੇਰਾ ਇਕ ਮਿਸ਼ਨ ਹੈ, ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਸੂਬੇ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ। ਉਹ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ​​ਕਰਨਾ ਚਾਹੁੰਦੇ ਹਨ। ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।