ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦਿੱਤਾ ਅਸਤੀਫ਼ਾ, ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਸੀਐਮ

ਚੰਡੀਗੜ੍ਹ, 12 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ‘ਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਨਾਲ ਰਾਜ ਭਵਨ ਪਹੁੰਚੇ ਅਤੇ ਪੂਰੇ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟ ਗਿਆ ਹੈ। ਹਾਲਾਂਕਿ ਇਸ ਦਾ ਐਲਾਨ ਹੋਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ ਤੋਂ ਲੋਕ ਸਭਾ ਦੀਆਂ 2 ਸੀਟਾਂ ਦੀ ਮੰਗ ਕਰ ਰਹੀ ਸੀ ਜਦਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਸੂਬਾਈ ਸੰਗਠਨ ਸਾਰੀਆਂ 10 ਸੀਟਾਂ ‘ਤੇ ਖੁਦ ਚੋਣ ਲੜਨ ਦੇ ਹੱਕ ‘ਚ ਹਨ। 

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ, ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਸੀਐਮ
ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸੀਐਮ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਚੁਣਿਆ ਗਿਆ ਹੈ। ਨਾਇਬ ਸੈਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਰਾਜ ਭਵਨ ਪੁੱਜੇ ਹਨ। ਉਹ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦੱਸ ਦਈਏ ਕਿ ਸੈਣੀ ਮਨੋਹਰ ਲਾਲ ਦੇ ਕਰੀਬੀ ਹਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਹਰਿਆਣਾ ਵਿੱਚ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ। ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟਣ ਤੋਂ ਬਾਅਦ ਖੱਟਰ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ।