ਕਾਂਗਰਸ ‘ਤੇ ਨਿਸ਼ਾਨਾ ਸਾਧਿਆ, ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ : ਮਜੀਠੀਆ 

ਚੰਡੀਗੜ੍ਹ 08 ਮਾਰਚ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੇ ਹਰ ਮੀਟਿੰਗ ਵਿੱਚ ਮੇਰੇ ਖ਼ਿਲਾਫ਼ ਸਾਜ਼ਿਸ਼ ਰਚੀ। ਅਜਿਹਾ ਕਦੇ ਨਹੀਂ ਹੋਇਆ ਕਿ ਤਿੰਨ ਮਹੀਨਿਆਂ ਵਿੱਚ ਚਾਰ ਵਾਰ ਡੀ.ਜੀ.ਪੀ. ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਇੱਕ ਡੀ.ਜੀ.ਪੀ. ਨੇ ਮੇਰੇ ਖ਼ਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਮਜੀਠੀਆ ਨੇ ਕਾਂਗਰਸ ਸਰਕਾਰ ਅਤੇ ਇਸ ਦੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਨੀਤੀ ਤਹਿਤ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ। ਮਜੀਠੀਆ ਦੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਆਪਣੇ ਵਕੀਲਾਂ ਦੇ ਨਾਲ-ਨਾਲ ਮਜੀਠਾ ਹਲਕੇ ਅਤੇ ਮਾਝੇ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਅਤੇ ਧਮਕੀਆਂ ਵੀ ਦਿੱਤੀਆਂ। ਪਰ ਇਸ ਦੇ ਬਾਵਜੂਦ ਸੱਚ ਦੀ ਜਿੱਤ ਹੋਈ ਹੈ। ਮਜੀਠੀਆ ਨੇ ਸਪੱਸ਼ਟ ਕੀਤਾ ਕਿ ਉਹ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਨਿਆਂਇਕ ਪ੍ਰਕਿਰਿਆ ਦੀ ਹਮੇਸ਼ਾ ਪਾਲਣਾ ਕਰਦੇ ਆਏ ਹਨ ਅਤੇ ਕਰਦੇ ਰਹਿਣਗੇ।